ਮੋਗਾ, 9 ਜਨਵਰੀ | ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਮਹਾਪੰਚਾਇਤ ਹੋਈ। ਇਹ ਫੈਸਲਾ ਕੀਤਾ ਗਿਆ ਹੈ ਕਿ ਸਮੂਹ ਕਿਸਾਨ ਜਥੇਬੰਦੀਆਂ ਇੱਕਮੁੱਠ ਹੋ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੀਆਂ। ਇਸ ਦੇ ਲਈ ਮਹਾਪੰਚਾਇਤ ‘ਚ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ‘ਤੇ ਸਾਰੀਆਂ ਯੂਨੀਅਨਾਂ ਦੇ ਆਗੂਆਂ ਨੇ ਸਹਿਮਤੀ ਜਤਾਈ।

ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਕਿਸਾਨ ਅੰਦੋਲਨ ਵਿਚ ਸ਼ਾਮਲ ਐਸ.ਕੇ.ਐਮ. ਅਤੇ ਕਿਸਾਨ ਯੂਨੀਅਨਾਂ ਸ਼ਾਮਲ ਹੋਣਗੀਆਂ। ਇਸ ਤੋਂ ਪਹਿਲਾਂ ਕੇਵਲ ਜਗਜੀਤ ਸਿੰਘ ਡੱਲੇਵਾਲ ਦਾ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਸਰਵਣ ਸਿੰਘ ਪੰਧੇਰ ਦਾ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਕਰੀਬ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਵਿੱਚ ਮੋਰਚਾ ਸੰਭਾਲ ਰਹੇ ਹਨ।

ਇਸ ਦੇ ਨਾਲ ਹੀ ਭਲਕੇ (ਸ਼ੁੱਕਰਵਾਰ) ਨੂੰ 101 ਕਿਸਾਨਾਂ ਦਾ ਜਥਾ 6 ਮੈਂਬਰੀ ਕਮੇਟੀ ਸਮੇਤ ਖਨੌਰੀ ਮੋਰਚੇ ਵਿਚ ਜਾਵੇਗਾ। ਉੱਥੇ ਮਹਾਪੰਚਾਇਤ ‘ਚ ਪਾਸ ਪ੍ਰਸਤਾਵ ਨੂੰ ਫਰੰਟ ਦੇ ਨੇਤਾਵਾਂ ਦੇ ਸਾਹਮਣੇ ਰੱਖਿਆ ਜਾਵੇਗਾ। ਪ੍ਰਸਤਾਵ ‘ਤੇ ਵੀ ਸਹਿਮਤੀ ਲਈ ਜਾਵੇਗੀ। ਇਸ ਤੋਂ ਬਾਅਦ ਏਕਤਾ ਲਈ 15 ਜਨਵਰੀ ਨੂੰ ਪਟਿਆਲਾ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਵਿਚ ਸੰਘਰਸ਼ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।