ਪੰਚਕੂਲਾ | ਡੇਰਾ ਸੱਚਾ ਸੌਦਾ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ 19 ਸਾਲ ਪੁਰਾਣੇ ਮਾਮਲੇ ‘ਚ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਗੁਰਮੀਤ ਰਾਮ ਰਹੀਮ ਸਮੇਤ ਸਾਰੇ ਪੰਜਾਂ ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ, ਨਾਲ ਹੀ ਰਾਮ ਰਹੀਮ ਨੂੰ 31 ਲੱਖ ਰੁਪਏ ਜੁਰਮਾਨਾ ਤੇ ਬਾਕੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ।
ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਮਾਮਲੇ ‘ਚ ਪਹਿਲਾਂ 12 ਅਕਤੂਬਰ ਨੂੰ ਫ਼ੈਸਲਾ ਆਉਣਾ ਸੀ ਪਰ ਸਜ਼ਾ ਨੂੰ ਲੈ ਕੇ ਸੀਬੀਆਈ ਅਤੇ ਬਚਾਅ ਪੱਖ ਵਿਚਾਲੇ ਬਹਿਸ ਪੂਰੀ ਨਹੀਂ ਹੋ ਸਕੀ ਸੀ। ਸਜ਼ਾ ਲਈ ਸੀਬੀਆਈ ਨੇ ਪਿਛਲੀ ਸੁਣਵਾਈ ’ਤੇ ਆਪਣਾ ਪੱਖ ਰੱਖ ਦਿੱਤਾ ਸੀ ਤੇ ਵੱਧ ਤੋਂ ਵੱਧ ਸਜ਼ਾ ਦੇਣ ਦੀ ਅਪੀਲ ਕੀਤੀ ਸੀ।
19 ਸਾਲ ਪੁਰਾਣੇ ਇਸ ਮਾਮਲੇ ‘ਚ ਅੱਜ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਪੀੜਤ ਪਰਿਵਾਰ ਨੂੰ ਵੀ ਇਨਸਾਫ ਮਿਲ ਗਿਆ ਹੈ।