ਚੰਡੀਗੜ੍ਹ, 2 ਜਨਵਰੀ | ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਅਦਾਲਤ ਨੇ ਮੁੜ ਪੰਜਾਬ ਸਰਕਾਰ ‘ਤੇ ਸਖਤ ਰੁਖ ਦਿਖਾਇਆ।
ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ ਹੈ।
ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸੁਣਵਾਈ ਸੋਮਵਾਰ 6 ਜਨਵਰੀ ਨੂੰ ਤੈਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਾਨੂੰ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਨ ਦੇ ਆਦੇਸ਼ ਦੀ ਪਾਲਣਾ ਰਿਪੋਰਟ ਦੀ ਲੋੜ ਹੈ।
ਸੋਮਵਾਰ ਨੂੰ ਇਸ ਮਾਣਹਾਨੀ ਪਟੀਸ਼ਨ ਦੇ ਨਾਲ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਸਨ।
ਡੱਲੇਵਾਲ ਨੇ ਐਡਵੋਕੇਟ ਗੁਨਿੰਦਰ ਕੌਰ ਗਿੱਲ ਰਾਹੀਂ ਇਸ ਕੇਸ ਵਿਚ ਧਿਰ ਬਣਨ ਲਈ ਪਟੀਸ਼ਨ ਵੀ ਦਾਇਰ ਕੀਤੀ ਸੀ। ਇਸ ‘ਤੇ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਇਸ ਨੂੰ ਟਕਰਾਅ ਨਾ ਸਮਝੋ ਪਰ ਅਸੀਂ ਸਾਬਕਾ ਜੱਜਾਂ ਦੀ ਕਮੇਟੀ ਬਣਾਈ ਹੈ, ਜੋ ਉਥੇ ਹੈ, ਇਸ ਲਈ ਅਸੀਂ ਕਿਸਾਨਾਂ ਨਾਲ ਸਿੱਧੀ ਗੱਲ ਨਹੀਂ ਕਰ ਸਕਦੇ।