ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਦੋ ਕਿਸ਼ਤਾਂ ਵਿਚ 6 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਰਾਮਪਾਲ ਦਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੁਗਲ ਕਿਸ਼ੋਰ ਵਾਸੀ ਹੈਬੋਵਾਲ, ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਉਸ ਦੀ ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਦੋ ਕਿਸ਼ਤਾਂ ਵਿਚ ਰਿਸ਼ਵਤ ਵਜੋਂ 6 ਹਜ਼ਾਰ ਰੁਪਏ ਲਏ ਹਨ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਇਸ ਬਦਲੇ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 6 ਹਜ਼ਾਰ ਰੁਪਏ ਵਿਚ ਤੈਅ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਆਪਣੇ ਮੋਬਾਇਲ ‘ਤੇ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਉਪਰੋਕਤ ਮੁਲਾਜ਼ਮਾਂ ਖਿਲਾਫ਼ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।