ਪਟਿਆਲਾ | ਇਥੋਂ ਇਕ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਰਾਜਪੁਰਾ-ਪਟਿਆਲਾ ਰੋਡ ‘ਤੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਕੁੱਟਮਾਰ ਕਰਕੇ 6 ਅਣਪਛਾਤੇ ਵਿਅਕਤੀਆਂ ਵੱਲੋਂ ਮੋਬਾਇਲ, ਨਕਦੀ ਅਤੇ ਹੋਰ ਕੀਮਤੀ ਸਾਮਾਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਮੁਤਾਬਕ ਪੰਜਾਬੀ ਯੂਨੀਵਰਸਿਟੀ ਦੇ 4 ਵਿਦਿਆਰਥੀ ਰਾਤ ਸਮੇਂ ਪਟਿਆਲਾ ਸ਼ਹਿਰ ਤੋਂ ਯੂਨੀਵਰਸਿਟੀ ਜਾ ਰਹੇ ਸਨ, ਇਸੇ ਦੌਰਾਨ 6 ਦੇ ਕਰੀਬ ਨੌਜਵਾਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦਾ ਸਾਮਾਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਥਾਣਾ ਲਾਹੌਰੀ ਗੇਟ ਦੇ ਇੰਚਾਰਜ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਕੋਲ ਅਜਿਹੀ ਕੋਈ ਸ਼ਿਕਾਇਤ ਨਹੀਂ ਆਈ ਹੈ ਪਰ ਇਹ ਵੀਡੀਓ ਉਨ੍ਹਾਂ ਕੋਲ ਵੀ ਪਹੁੰਚ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।