ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਬ-ਯਾਰਡ ਕੋਹਾਲਾ ਵਿਖੇ 28 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ

0
390

ਜਲੰਧਰ (2 ਸਤੰਬਰ) | ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵੱਲੋਂ ਸ਼ਨੀਵਾਰ ਨੂੰ ਸਬ-ਯਾਰਡ ਪਿੰਡ ਕੋਹਾਲਾ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਬ ਯਾਰਡ ਕੋਹਾਲਾ ਵਿਖੇ 50′ x100′ ਆਕਾਰ ਦੇ ਸ਼ੈੱਡ ਦੀ ਉਸਾਰੀ ਦੇ ਕੰਮ ਦੀ ਅੱਜ ਸ਼ੁਰੂਆਤ ਕਰਵਾਈ ਗਈ ਹੈ, ਜਿਸ ਦੇ ਬਣਨ ਨਾਲ ਮੰਡੀ ਵਿੱਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਸ਼ੈੱਡ ਦੀ ਉਸਾਰੀ ਦੇ ਕੰਮ ਦਾ ਟੈਂਡਰ ਹੋ ਚੁੱਕਾ ਹੈ ਅਤੇ ਇਹ ਦੋ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਤੋਂ ਇਲਾਵਾ 13 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਸਮੇਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰਨਾਂ ਲੋਕਾਂ ਨੂੰ ਵੀ ਸੁਵਿਧਾ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਦੀ ਹੋਈ ਹਰੇਕ ਵਰਗ ਦੀ ਭਲਾਈ ਅਤੇ ਵਿਕਾਸ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ, ਜਿਸ ਨੇ ਆਮ ਆਦਮੀ ਕਲੀਨਿਕ, 600 ਯੂਨਿਟ ਬਿਜਲੀ ਮੁਆਫੀ, 30000 ਸਰਕਾਰੀ ਨੌਕਰੀਆਂ ਸਮੇਤ ਕੋਈ ਹੋਰ ਲੋਕ ਪੱਖੀ ਫੈਸਲੇ ਲੈ ਕੇ ਸੂਬਾ ਵਾਸੀਆਂ ਨੂੰ ਵੱਡੇ ਪੱਧਰ ’ਤੇ ਰਾਹਤ ਪਹੁੰਚਾਈ ਹੈ।