ਨਵੀਂ ਦਿੱਲੀ, 20 ਅਕਤੂਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ ਤੇ ਭਾਰਤ ਵਿਚਾਲੇ ਇਕ ਵਾਰ ਫਿਰ ਵਿਵਾਦ ਪੈਦਾ ਹੋ ਗਿਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤ ਵਿਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸਥਾਨਕ ਸਮੇਂ ਅਨੁਸਾਰ ਵੀਰਵਾਰ ਨੂੰ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੈਨੇਡਾ ਕੋਈ ਬਦਲਾ ਨਹੀਂ ਲਵੇਗਾ। ਇਸ ਦਾ ਮਤਲਬ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਨਹੀਂ ਦਿੱਤਾ ਜਾਵੇਗਾ।
ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ‘ਭਾਰਤ ਨੇ ਡਿਪਲੋਮੈਟਾਂ ਨੂੰ ਸ਼ੁੱਕਰਵਾਰ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ। ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਅਜਿਹਾ ਨਹੀਂ ਕੀਤਾ ਤਾਂ ਉਸ ਦਾ ਕੂਟਨੀਤਕ ਅਹੁਦਾ ਰੱਦ ਕਰ ਦਿੱਤਾ ਜਾਵੇਗਾ ਤੇ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਕਾਰਨ ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਸੀਂ ਉਨ੍ਹਾਂ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ।
ਤੁਹਾਨੂੰ ਦੱਸ ਦਈਏ ਕਿ 18 ਸਤੰਬਰ ਨੂੰ ਹਾਊਸ ਆਫ ਕਾਮਨਜ਼ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਖਟਾਸ ਆ ਗਈ ਸੀ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣੇ ਦੇਸ਼ ਦੀ ਸੰਸਦ ਵਿਚ ਕਿਹਾ ਸੀ ਕਿ ਉਹ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੇ ਹਨ। ਇਸ ਤੋਂ ਬਾਅਦ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ। ਭਾਰਤ ਨੇ ਪਹਿਲਾਂ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕੀਤਾ ਅਤੇ ਫਿਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ।