ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ‘ਚ ਕਿਸਾਨਾਂ ਨੂੰ ਵੀ ਸ਼ਾਮਿਲ ਕਰਨ ਦੀ ਕੀਤੀ ਮੰਗ

0
12980

ਨਵੀਂ ਦਿੱਲੀ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿੱਚ ਸ਼ਾਮਿਲ ਕਰਨ ਲਈ ਸਬੰਧਤ ਕਾਨੂੰਨ ‘ਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਬੀਤੀ ਸ਼ਾਮ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ 2 ਵੱਖ-ਵੱਖ ਪੱਤਰ ਵੀ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 3 ਖੇਤੀ ਕਾਨੂੰਨਾਂ ਦਾ ਜਾਇਜ਼ਾ ਲੈ ਕੇ ਤੁਰੰਤ ਰੱਦ ਕਰਨ ਲਈ ਕਿਹਾ ਕਿਉਂਕਿ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਿੱਚ ਵੱਡੀ ਪੱਧਰ ‘ਤੇ ਰੋਹ ਪਾਇਆ ਜਾ ਰਿਹਾ ਹੈ, ਜੋ ਬੀਤੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ।

ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਆਪਣੀ ਜਾਨ ਗੁਆ ਚੁੱਕੇ 400 ਕਿਸਾਨਾਂ ਅਤੇ ਖੇਤ ਕਾਮਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦਾ ਪੰਜਾਬ ਅਤੇ ਮੁਲਕ ਲਈ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖਤਰਾ ਖੜ੍ਹਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਦਾ ਨਾਜਾਇਜ਼ ਫਾਇਦਾ ਚੁੱਕਣ ਦੀ ਤਾਕ ਵਿੱਚ ਹਨ। 

ਇਸ ਮੁੱਦੇ ਦਾ ਚਿਰਸਥਾਈ ਹੱਲ ਲੱਭਣ ਲਈ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਦਾ ਛੇਤੀ ਹੱਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਿਹਾ ਕਿਸਾਨ ਅੰਦੋਲਨ ਨਾ ਸਿਰਫ ਪੰਜਾਬ ਵਿੱਚ ਆਰਥਿਕ ਸਰਗਰਮੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਸਗੋਂ ਇਸ ਦਾ ਸਮਾਜਿਕ ਤਾਣੇ-ਬਾਣੇ ਉਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸਿਆਸੀ ਪਾਰਟੀਆਂ ਅਤੇ ਬਾਕੀ ਸਮੂਹ ਆਪੋ-ਆਪਣੇ ਸਟੈਂਡ ‘ਤੇ ਅੜੇ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਤੋਂ ਸਰਬ-ਪਾਰਟੀ ਵਫਦ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਦੀ ਮੰਗ ਕੀਤੀ ਸੀ। ਇਕ ਹੋਰ ਪੱਤਰ ਵਿੱਚ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨਾਂ ਵੰਡੇ ਜਾਣ ਤੇ ਪਟੇ ਉਤੇ ਜ਼ਮੀਨ ਲੈਣ ਵਾਲਿਆਂ ਅਤੇ ਮਾਰਕੀਟ ਆਪ੍ਰੇਟਰਾਂ ਤੇ ਏਜੰਟਾਂ ਨਾਲ ਲਗਾਤਾਰ ਵਿਵਾਦ ਕਾਰਨ ਕਿਸਾਨਾਂ ਨੂੰ ਇਨ੍ਹੀਂ ਦਿਨੀਂ ਅਦਾਲਤੀ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਪਹਿਲਾਂ ਹੀ ਨਿਗੂਣੇ ਵਿੱਤੀ ਵਸੀਲਿਆਂ ਉਤੇ ਹੋਰ ਬੋਝ ਪੈਂਦਾ ਹੈ।

ਇਸ ਵਿੱਤੀ ਬੋਝ ਨੂੰ ਘਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦਾ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿਚ ਕੁਝ ਖਾਸ ਸ਼੍ਰੇਣੀਆਂ ਦੇ ਉਨ੍ਹਾਂ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਉਪਬੰਧ ਹੈ ਜੋ ਕਿ ਸਮਾਜ ਦੇ ਕਮਜ਼ੋਰ ਤਬਕੇ ਸਮਝੇ ਜਾਂਦੇ ਹਨ। 

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੇਂਦਰੀ ਮੰਤਰਾਲਿਆਂ ਨੂੰ ਇਹ ਸਲਾਹ ਦਿੱਤੀ ਜਾਵੇ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ।