ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਗਏ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਕਾਲੀ ਦਲ, ਕੇਂਦਰ ਸਰਕਾਰ ਵਿੱਚ ਆਪਣੇ ਭਾਈਵਾਲਾਂ ਦੇ ਇਸ਼ਾਰੇ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਇਹ ਕਦਮ ਚੁੱਕ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ,”ਤੁਸੀਂ ਦਿੱਲੀ ਕਿਉਂ ਨਹੀਂ ਜਾਂਦੇ ਅਤੇ ਉੱਥੇ ਭਾਜਪਾ ਨੇਤਾਵਾਂ ਅਤੇ ਹੋਰਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ ਜਿਨ੍ਹਾਂ ਨੇ ਆਪਣੇ ਸੌੜੇ ਸਿਆਸੀ ਮੁਫਾਦ ਲਈ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਰਮੀ ਭਰੇ ਢੰਗ ਨਾਲ ਵੇਚ ਦਿੱਤੇ।”
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜਨ।
ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਇਹ ਦੋਵੇਂ ਆਗੂ ਕਿਸਾਨਾਂ ਦੀ ਪਿੱਠ ‘ਤੇ ਖੜ੍ਹਣ ਦਾ ਪਖੰਡ ਕਰ ਰਹੇ ਹਨ।ਜਦ ਕਿ ਅਕਾਲੀ ਦਲ ਦੀ ਭਾਈਵਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਰੋਜ਼ੀ ਰੋਟੀ ਨੂੰ ਲੱਤ ਮਾਰੀ ਹੈ।