ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਅਜਿਹਾ ਇੱਕ ਦਿਨ ਵੀ ਨਹੀਂ ਲੰਘਦਾ ਜਦੋਂ ਖੁਦਕੁਸ਼ੀ ਦੀਆਂ ਘਟਨਾਵਾਂ ਦੀ ਖ਼ਬਰ ਅਖ਼ਬਾਰਾਂ ਵਿਚ ਨਾ ਛਪਦੀਆਂ ਹੋਣ। ਇਨ੍ਹਾਂ ਆਤਮ ਹੱਤਿਆਵਾਂ ਲਈ ਸਿੱਧੇ ਤੌਰ ‘ਤੇ ਕੈਪਟਨ ਸਰਕਾਰ ਜ਼ਿੰਮੇਵਾਰ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਕੁਲਤਾਰ ਸਿੰਘ ਸੰਧਵਾਂ, ਜੈ ਕ੍ਰਿਸਨ ਸਿੰਘ ਰੋੜੀ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ) ਨੇ ਕਿਹਾ ਕਿ ਪਿਛਲੀ ਭਾਜਪਾ-ਅਕਾਲੀ ਦਲ ਦੀ ਸਰਕਾਰ ਅਤੇ ਸੱਤਾਧਾਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਬੇਰੁਜ਼ਗਾਰ ਨੌਜਵਾਨ ਅਤੇ ਕਰਜ਼ਾਈ ਹੋਏ ਕਿਸਾਨ ਐਨੇ ਦੁਖੀ ਹਨ ਕਿ ਉਹ ਮਜਬੂਰੀ ਵੱਸ ਹੋ ਕੇ ਆਤਮਹੱਤਿਆ ਦੇ ਰਾਹ ਪੈ ਗਏ ਹਨ।
ਸੰਧਵਾਂ ਨੇ ਕਿਹਾ ਕਿ ਕਰਜ਼ੇ ਦੀ ਭਾਰੀ ਪੰਡ ਦੇ ਕਾਰਨ ਖੁਦਕੁਸ਼ੀਆਂ ਦਾ ਦੌਰ ਹਰ ਦਿਨ ਵਧ ਰਿਹਾ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਇਹਨਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀਆਂ। ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਜੈ ਕ੍ਰਿਸਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਪੜੇ-ਲਿਖੇ ਨੌਜਵਾਨ ਲੜਕੇ-ਲੜਕੀਆਂ ਆਪਣੇ ਹੱਕ ਲੈਣ ਲਈ ਹੱਥਾਂ ਵਿਚ ਡਿਗਰੀਆਂ ਫੜ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹਨ। ਕੈਪਟਨ ਦੀ ਸਰਕਾਰ ਉਨ੍ਹਾਂ ਨੂੰ ਰੋਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਮਾਸੂਮਾਂ ‘ਤੇ ਲਾਠੀਆਂ ਨਾਲ ਹਮਲੇ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਵਿਚ ਲਿਖਤ ਰੂਪ ਵਿਚ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਘਰ-ਘਰ ਰੋਜ਼ਗਾਰ ਅਤੇ ਹਰ ਕਿਸਾਨ ਦਾ ਪੂਰਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ ਪਰੰਤੂ ਅਫ਼ਸੋਸ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਦਾ ਆਨੰਦ ਲੈਂਦੇ ਕਰੀਬ 3 ਸਾਲ ਬੀਤ ਗਏ ਪਰੰਤੂ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।