ਚੰਡੀਗੜ | ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਦੀ ਸਹੂਲਤ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ‘ਪੰਜਾਬ ਸਮਾਰਟ ਕੰਟੈਕਟ ਸਕੀਮ’ ਤਹਿਤ ਸੈਸ਼ਨ 2021-22 ਲਈ ਬਾਰਵੀਂ ਕਲਾਸ ਦੇ 2.15 ਲੱਖ ਵਿਦਿਆਰਥੀਆਂ ਨੂੰ ਮੋਬਾਈਲ ਫੋਨਾਂ ਦੀ ਵੰਡ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ।

ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਸ਼ਾਮ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2021-22 ਲਈ ਇਸ ਸਕੀਮ ਵਾਸਤੇ ਸਕੂਲ ਸਿੱਖਿਆ ਵਿਭਾਗ ਨੂੰ 100 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ। ਪਿਛਲੇ ਸਾਲ ਸਰਕਾਰੀ ਸਕੂਲਾਂ ਦੇ ਬਾਰਵੀਂ ਕਲਾਸ ਦੇ ਰੈਗੂਲਰ 1,75,443 ਵਿਦਿਆਰਥੀਆਂ (ਮੁੰਡੇ ਤੇ ਕੁੜੀਆਂ) ਨੂੰ ਪਹਿਲਾਂ ਹੀ ਮੋਬਾਈਲ ਫੋਨ ਦਿੱਤੇ ਜਾ ਚੁੱਕੇ ਹਨ।

ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਮਾੜੇ ਹਾਲਾਤ ਦੌਰਾਨ ਵੰਡੇ ਗਏ ਸਮਾਰਟ ਫੋਨਾਂ ਰਾਹੀਂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਹੋਏ ਫਾਇਦੇ ਨੂੰ ਦੇਖਦਿਆਂ ਅਕਾਦਮਿਕ ਸਾਲ 2021-22 ਲਈ ਬਾਰਵੀਂ ਕਲਾਸ ਵਿੱਚ ਦਾਖਲ ਹੋਏ ਵਿਦਿਆਰਥੀਆਂ ਤੱਕ ਇਸ ਸਕੀਮ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)