ਫ਼ਰੀਦਕੋਟ। 2004 ਬੈਚ ਦੇ ਆਈਏਐਸ ਅਧਿਕਾਰੀ ਚੰਦਰ ਗੈਂਦ ਨੇ ਅੱਜ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਫਰੀਦਕੋਟ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਸ਼ਾਲੀ ਗਾਰਡ ਆਫ ਆਨਰ ਤੋਂ ਬਾਅਦ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡਵੀਜ਼ਨਲ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਫ਼ਰੀਦਕੋਟ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਜਾਣ-ਪਛਾਣ ਮੀਟਿੰਗ ਕੀਤੀ।
ਇਸ ਦੌਰਾਨ ਸ੍ਰੀ ਗੈਂਦ ਨੇ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਸਖ਼ਤੀ ਨਾਲ ਅਪਣਾਇਆ ਜਾਵੇਗਾ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਉਨ੍ਹਾਂ ਫਰੀਦਕੋਟ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਜਿਵੇਂ ਕਿ ਬਠਿੰਡਾ, ਫਰੀਦਕੋਟ ਅਤੇ ਮਾਨਸਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਬੰਧਤ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਆਪਣੀਆਂ ਅਜਿਹੀਆਂ ਸ਼ਿਕਾਇਤਾਂ ਸਿੱਧੇ ਉਨ੍ਹਾਂ ਕੋਲ ਦਰਜ ਕਰਵਾਉਣ।
ਉਨ੍ਹਾਂ ਅੱਗੇ ਦੱਸਿਆ ਕਿ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਸਮਾਧਾਨ ਨੂੰ ਤਰਜੀਹ ਦਿੱਤੀ ਜਾਵੇ। ਡਿਵੀਜ਼ਨਲ ਕਮਿਸ਼ਨਰ ਨੇ ਫਰੀਦਕੋਟ ਡਵੀਜ਼ਨ ਵਿਚ ਪੈਂਦੇ ਤਿੰਨੋਂ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਦਰਮਿਆਨ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਨਾਲ ਪੰਜਾਬ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਨੂੰ ਸਹੀ ਅਰਥਾਂ ਵਿਚ ਲਾਗੂ ਕਰਨ ਵਿਚ ਮਦਦ ਮਿਲੇ ਸਕੇ।
ਜ਼ਿਕਰਯੋਗ ਹੈ ਕਿ ਸ੍ਰੀ ਗੈਂਦ ਨੂੰ ਆਪਣੀਆਂ ਲੋਕ-ਪੱਖੀ ਪਹਿਲਕਦਮੀਆਂ ਅਤੇ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਲਈ ‘ਪਬਲਿਕ ਡੀਸੀ’ ਵਜੋਂ ਵੀ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਜੋਂ ਆਪਣੇ ਛੋਟੇ ਪਰ ਪ੍ਰਭਾਵਸ਼ਾਲੀ ਕਾਰਜਕਾਲ ਦੌਰਾਨ ਇਹ ਨਾਮ ਲੋਕਾਂ ਵਲੋਂ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਚੰਦਰ ਗੈਂਦ ਇਸ ਤੋਂ ਪਹਿਲਾਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ, ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਸਰਕਾਰ ਵਿੱਚ ਹੋਰ ਅਹਿਮ ਵਿਭਾਗ ਦੀ ਜਿਮੇਵਾਰੀਆਂ ਨੀ ਨਿਭਾ ਚੁੱਕੇ ਹਨ।