ਅੰਮ੍ਰਿਤਸਰ, 5 ਜਨਵਰੀ | ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਕੁਝ ਮਸਲਿਆਂ ‘ਤੇ ਆਪਣਾ ਸਪਸ਼ਟੀਕਰਨ ਦੇਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ ਹੈ।
ਧਾਲੀਵਾਲ ਨੇ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਰਵੋੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਜਥੇਦਾਰ ਸਾਹਿਬ ਸਿੱਖ ਕੌਮ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਬਰਗਾਜੇ ਵੱਲੋਂ ਮੁੱਖ ਮੰਤਰੀ ਨੂੰ 15 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਿਸ ‘ਤੇ ਮੁੱਖ ਮੰਤਰੀ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਹਾਜ਼ਰ ਹੋਣਗੇ।
ਕੁਲਦੀਪ ਸਿੰਘ ਧਾਲੀਵਾਲ ਨੇ ਸਪਸ਼ਟ ਕੀਤਾ ਕਿ ਜੇ ਜਥੇਦਾਰ ਸਾਹਿਬ ਵੱਲੋਂ ਕਿਸੇ ਵੀ ਮਸਲੇ ‘ਤੇ ਸਪਸ਼ਟੀਕਰਨ ਮੰਗਿਆ ਗਿਆ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਸ ਸਬੰਧੀ ਹਰ ਤਰ੍ਹਾਂ ਦਾ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸਿੱਖ ਹੋਣ ਦੇ ਨਾਤੇ ਸ਼੍ਰੀ ਅਕਾਲ ਤਖਤ ਸਾਹਿਬ ਸਾਡੇ ਲਈ ਬੇਹੱਦ ਉੱਚੀ ਅਤੇ ਸਤਿਕਾਰਯੋਗ ਥਾਂ ਹੈ।
ਉਨ੍ਹਾਂ ਨੇ ਆਖਿਆ ਕਿ ਇਸ ਮਾਮਲੇ ਨੂੰ ਕਿਸੇ ਵੀ ਕਿਸਮ ਦਾ ਵਿਵਾਦ ਬਣਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਿੱਖ ਮਰਿਆਦਾ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲਿਆਂ ਅਤੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫਰਜ਼ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਿੱਖ ਸੰਸਥਾਵਾਂ ਦੀ ਮਹੱਤਤਾ ਨੂੰ ਪੂਰੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦਾ ਪੂਰਾ ਮਾਣ ਰੱਖਦੇ ਹਨ।