CM ਭਗਵੰਤ ਮਾਨ ਦਾ ਵੱਡਾ ਕਦਮ, ਪੰਜਾਬ ‘ਚ 2436.49 ਕਰੋੜ ਦੀ ਲਾਗਤ ਨਾਲ 13400 ਕਿਲੋਮੀਟਰ ਬਣਨਗੀਆਂ ਲਿੰਕ ਸੜਕਾਂ

0
140

ਚੰਡੀਗੜ੍ਹ |ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਵੱਡਾ ਕਦਮ ਚੁੱਕਿਆ, ਜਿਸ ਤਹਿਤ ਪੰਜਾਬ ‘ਚ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਨਗੀਆਂ।

ਸੂਬਾ ਸਰਕਾਰ ਨੇ ਸੂਬੇ ਭਰ ਵਿਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰ ਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ।

ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਹਨਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ ‘ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰ ਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਇਨ੍ਹਾਂ ਸੜਕਾਂ ਦੀ ਲੋੜ ਅਤੇ ਤਰਜੀਹ ਦੇ ਆਧਾਰ ‘ਤੇ ਉਸਾਰੀ ਲਈ ਜ਼ਮੀਨੀ ਪੱਧਰ ‘ਤੇ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ‘ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੀਆਂ ਪੇਂਡੂ ਸੜਕਾਂ ਦੀ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ‘ਤੇ ਉੱਚ ਗੁਣਵੱਤਾ ਵਾਲੇ ਕਾਰਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲੇ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਇਸ ਦੇ ਨਾਲ ਹੀ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਵੀ ਆਵੇਗੀ।