ਚੰਡੀਗੜ੍ਹ | ਪੰਜਾਬ ਦੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਰਕਾਰ ਨੇ ਪਲਾਟ ਦੀ ਰਜਿਸਟਰੀ ਲਈ ਨੋ ਆਬਜੈਸ਼ਨ ਸਰਟੀਫਿਕੇਟ (NOC) ਦੀ ਸ਼ਰਤ ਨੂੰ ਖਤਮ ਕੀਤਾ, ਜਿਸ ਦਾ ਫਾਇਦਾ ਪੰਜਾਬ ਦੇ ਲੋਕਾਂ ਨੂੰ ਮਿਲਿਆ ਕਿਉਂਕਿ ਉਨ੍ਹਾਂ ਨੂੰ ਪਲਾਟ ਦੀ ਰਜਿਸਟਰੀ ਕਰਵਾਉਣ ਲਈ NOC ਦੀ ਲੋੜ ਹੁੰਦੀ ਤੇ ਕਾਲੋਨੀ ਅਣ-ਅਧਿਕਾਰਤ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਕਿਉਂਕਿ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿਚ ਦਰਪੇਸ਼ ਸਮੱਸਿਆ ਖਤਮ ਹੋਈ ਅਤੇ ਅਣ-ਅਧਿਕਾਰਤ ਕਾਲੋਨੀਆਂ ਉਤੇ ਰੋਕ ਲੱਗੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ, ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ।