ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਪੂਰਾ ਕਰਨ ਲਈ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ
ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ‘ਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ
ਲੁਧਿਆਣਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਨਾਂ ‘ਤੇ ਅਤਿ-ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ ‘ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਤੇ ਇਹ ਅਤਿ-ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਰੇਹੜੀ/ਫੜ੍ਹੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮਿਹਨਤਕਸ਼ਾਂ ਨੂੰ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ਼ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ ‘ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ ‘ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਵਿਧਾਇਕ ਰਾਕੇਸ਼ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸੁਰਿੰਦਰ ਡਾਵਰ, ਮੇਅਰ ਬਲਕਾਰ ਸਿੰਘ ਤੇ ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ