ਮੁੱਖ ਮੰਤਰੀ ਚੰਨੀ ਨੇ ਖੇਤੀ ਕਾਨੂੰਨ ਰੱਦ ਕਰਨ ‘ਤੇ ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ ਦੱਸਿਆ

0
6278

ਮੋਦੀ ਸਰਕਾਰ ਨੂੰ ਸੰਘਰਸ਼ ਦੌਰਾਨ ਜਾਨੀ ਤੇ ਮਾਲੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਕਿਹਾ

ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 3 ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤਯੋਗ ਕਦਮ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਬਹੁਤ ਪਹਿਲਾਂ ਲਿਆ ਹੁੰਦਾ ਤਾਂ ਅਨੇਕਾਂ ਕੀਮਤੀ ਜਾਨਾਂ ਬਚ ਜਾਂਦੀਆਂ।

ਕਿਸਾਨਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਇਹ ਖੇਤੀ ਕਾਨੂੰਨ ਆਪਹੁਦਰੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ‘ਤੇ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਹ ਮੰਨ ਲੈਣਾ ਚਾਹੀਦਾ ਹੈ ਕਿ ਇਹ ਬਿੱਲ ਲਿਆ ਕੇ ਉਸ ਨੇ ਬਹੁਤ ਵੱਡੀ ਗਲਤੀ ਕੀਤੀ।”

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਅਤੇ ਸੂਬੇ ਭਰ ਵਿੱਚ ਲਾਮਿਸਾਲ ਕਿਸਾਨ ਸੰਘਰਸ਼ ‘ਚ ਹੁਣ ਤੱਕ ਤਕਰੀਬਨ 700 ਜਾਨਾਂ ਚਲੀਆਂ ਗਈਆਂ ਤਾਂ ਕਿ ਕਿਸਾਨ ਆਪਣਾ ਭਵਿੱਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਸਕਣ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਵਾਪਰੀਆਂ ਲਖੀਮਪੁਰ ਖੇੜੀ ਵਰਗੀਆਂ ਘਟਨਾਵਾਂ ਨੇ ਜਮਹੂਰੀਅਤ ਦੇ ਨਾਂ ‘ਤੇ ਕਲੰਕ ਲਾਇਆ ਅਤੇ ਲੋਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਦੇ ਅਜਿਹੇ ਮਾੜੇ ਕੰਮਾਂ ਲਈ ਕਦੇ ਮੁਆਫ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਕਿਸਾਨਾਂ ਨੂੰ ਉਨ੍ਹਾਂ ਦੇ ਜਾਨ-ਮਾਲ ਦੇ ਵੱਡੇ ਨੁਕਸਾਨ ਲਈ ਢੁੱਕਵਾਂ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਸਾਨ ਮੋਰਚੇ ਦੌਰਾਨ ਸੂਬੇ ਨੂੰ ਵਿੱਤੀ ਤੌਰ ਉੱਤੇ ਅਤੇ ਜਾਇਦਾਦ ਦੇ ਰੂਪ ਵਿੱਚ ਹੋਏ ਨੁਕਸਾਨ ਲਈ ਵੀ ਮੁਆਵਜ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ ਹਰ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਚੁੱਕੀ ਹੈ।

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਤੁਰੰਤ ਵਿੱਤੀ ਪੈਕੇਜ ਦਾ ਐਲਾਨ ਕਰਨ ਲਈ ਵੀ ਕਿਹਾ। ਉਨ੍ਹਾਂ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਦੀਆਂ ਫਸਲਾਂ ਦੀ ਜਨਤਕ ਖਰੀਦ ਬਾਰੇ ਆਪਣਾ ਰੁਖ ਵੀ ਸਪੱਸ਼ਟ ਕਰਨ ਲਈ ਕਿਹਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ