ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜ਼ਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਾਲੋਨੀ, ਕੁਰਾਲੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8 ਹਜ਼ਾਰ ਰੁਪਏ ਵਿਚ ਤੈਅ ਹੋਇਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਐਸ.ਏ.ਐਸ.ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।