ਸ੍ਰੀ ਚਮਕੌਰ ਸਾਹਿਬ | ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੰਤ ਸਮਾਜ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ‘ਦਾਸਤਾਨ-ਏ-ਸ਼ਹਾਦਤ’ ਮਨੁੱਖਤਾ ਨੂੰ ਸਮਰਪਿਤ ਕੀਤੀ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਕੁਰਬਾਨੀਆਂ ਨਾਲ ਭਰੇ ਸਾਡੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਇਸ ਅਤਿ-ਆਧੁਨਿਕ ਥੀਮ ਪਾਰਕ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਉਨ੍ਹਾਂ ਦੀ ਜ਼ਿੰਦਗੀ ਦਾ ਸੁਪਨਾ ਸਾਕਾਰ ਹੋ ਗਿਆ ਹੈ ਜੋ ਕਿ ਨਾ ਸਿਰਫ਼ ਸੂਬੇ ਦੇ ਲੋਕਾਂ ਸਗੋਂ ਦੇਸ਼ ਅਤੇ ਵਿਸ਼ਵ ਭਰ ਤੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਕੱਚੀ ਗੜ੍ਹੀ ਦੀ ਗਾਥਾ ਬਾਰੇ ਜਾਣੂ ਕਰਵਾਏਗਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰਪੁਰਬ ਮੌਕੇ ਇਸ ਵੱਕਾਰੀ ਪ੍ਰਾਜੈਕਟ ਦਾ ਉਦਘਾਟਨ ਕਰਨਾ ਸੱਚਮੁੱਚ ਬਹੁਤ ਮਾਣ ਵਾਲੀ ਗੱਲ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਲੜਾਈ ਭਾਰਤੀ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ ਜਦੋਂ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਦਿਆਂ ਸਮੇਤ ਸਿਰਫ਼ 42 ਬਹਾਦਰ ਸਿੱਖ ਯੋਧਿਆਂ ਨੇ ਮੁਗਲਾਂ ਦੀ ਵੱਡੀ ਫੌਜ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।

ਥੀਮ ਪਾਰਕ ਦੇ ਸੰਕਲਪ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਸਾਡੇ ਬਹਾਦਰ ਯੋਧਿਆਂ ਦੇ ਖੂਨ ਨਾਲ ਸਿੰਜੀ ਹੋਈ ਹੈ, ਜਿਨ੍ਹਾਂ ਨੇ ਮੁਗਲਾਂ ਵਿਰੁੱਧ ਲੜਾਈ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਅਤੇ ਅਸਾਧਾਰਨ ਬਹਾਦਰੀ ਵਿਖਾਈ।

ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਇਸ ਵੱਕਾਰੀ ਥੀਮ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਲਈ ਵੀ ਸ਼ਲਾਘਾ ਕੀਤੀ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਥੀਮ ਪਾਰਕ ਵਿਖੇ ਸੁੰਦਰ ਤੇ ਸੁਚੱਜੇ ਢੰਗ ਨਾਲ ਤਿਆਰ ਕੀਤੀਆਂ 11 ਗੈਲਰੀਆਂ ਦਾ ਦੌਰਾ ਕੀਤਾ, ਜੋ ਕਿ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਦੇ ਮਹਾਨ ਸਿੱਖ ਇਤਿਹਾਸ ਅਤੇ ਸ਼ਾਨਾਮੱਤੀ ਵਿਰਾਸਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਉਂਦੀਆਂ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੁੱਖ ਮਾਰਗ ਤੋਂ ਗੁਰਦੁਆਰਾ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਅਤੇ ਉਹ ਹੈਰੀਟੇਜ ਸਟਰੀਟ ਤੋਂ ਥੀਮ ਪਾਰਕ ਤੱਕ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ।

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਵੱਖ-ਵੱਖ ਉੱਘੀਆਂ ਅਧਿਆਤਮਿਕ ਅਤੇ ਧਾਰਮਿਕ ਸ਼ਖਸੀਅਤਾਂ ਨੂੰ ਸਿਰੋਪਾਓ, ਸ਼ਾਲ ਅਤੇ ਥੀਮ ਪਾਰਕ ਦੀ ਫਰੇਮ ਵਾਲੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿਸ਼ੇਸ਼ ਮੁੱਖ ਸਕੱਤਰ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐੱਸਐੱਸਪੀ ਰੂਪਨਗਰ ਵਿਵੇਕ ਐਸ ਸੋਨੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ