ਹੋਸ਼ਿਆਰਪੁਰ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨ ਅੰਮ੍ਰਿਤਸਰ ਪਹੁੰਚੇ CM ਭਗਵੰਤ ਮਾਨ

0
11

ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖ਼ਲ ਸਾਰੇ 11 ਜ਼ਖ਼ਮੀ ਖ਼ਤਰੇ ਤੋਂ ਬਾਹਰ, ਇਲਾਜ ਦਾ ਪੂਰਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਹੁਸ਼ਿਆਰਪੁਰ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ ਜਾਣਿਆ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਡਾਕਟਰਾਂ ਤੋਂ ਜ਼ਖ਼ਮੀਆਂ ਦੀ ਸਿਹਤ ਬਾਰੇ ਜਾਣਕਾਰੀ ਵੀ ਲਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੁੱਲ ਪੰਜ ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ ਚਾਰ ਸ਼ਰਧਾਲੂ ਅਤੇ ਮੋਟਰਸਾਈਕਲ ਸਵਾਰ ਇੱਕ ਮਹਿਲਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਸਾਰੇ 11 ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਇੱਕ ਮਰੀਜ਼ ਦੇ ਸਿਰ ਵਿੱਚ ਸੱਟ ਲੱਗੀ ਹੈ, ਜਦਕਿ ਕੁਝ ਹੋਰਾਂ ਨੂੰ ਫਰੈਕਚਰ ਹੋਇਆ ਹੈ। ਡਾਕਟਰਾਂ ਮੁਤਾਬਕ ਜ਼ਖ਼ਮੀਆਂ ਨੂੰ ਅਗਲੇ ਦੋ ਤੋਂ ਚਾਰ ਦਿਨਾਂ ਵਿੱਚ ਛੁੱਟੀ ਮਿਲ ਸਕਦੀ ਹੈ।

ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਹਾਦਸਾ

ਹਾਦਸੇ ਦੇ ਕਾਰਨਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਹੁਸ਼ਿਆਰਪੁਰ-ਪਠਾਨਕੋਟ ਮਾਰਗ ‘ਤੇ ਪੰਨੂਵਾਂ ਨੇੜੇ ਹਾਈਵੇਅ ‘ਤੇ ਅਚਾਨਕ ਮੋਟਰਸਾਈਕਲ ਸਵਾਰ ਦੇ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਮੁਤਾਬਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੱਸ ਡਰਾਈਵਰ ਨੇ ਗੱਡੀ ਮੋੜੀ, ਜਿਸ ਕਾਰਨ ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੀ ਤੀਰਥ ਯਾਤਰਾ ਦੀ ਦੂਜੀ ਬੱਸ ਨਾਲ ਟਕਰਾ ਗਈ।

ਮੁੱਖ ਮੰਤਰੀ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹੁਣ ਤੱਕ ਕਰੀਬ 17 ਹਜ਼ਾਰ ਟ੍ਰਿਪ ਪੂਰੇ ਹੋ ਚੁੱਕੇ ਹਨ ਅਤੇ 7 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਮੁਤਾਬਕ ਰੋਜ਼ਾਨਾ ਕਰੀਬ 70 ਬੱਸਾਂ ਰਾਹੀਂ 3 ਹਜ਼ਾਰ ਬਜ਼ੁਰਗ ਅਤੇ ਲੋੜਵੰਦ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈਂਦੇ ਹਨ।

ਹਾਦਸੇ ‘ਤੇ ਸਿਆਸਤ ਕਰਨਾ ਸ਼ਰਮਨਾਕ: CM ਮਾਨ

ਹਾਦਸੇ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਹਰ ਦੁਖਦਾਈ ਘਟਨਾ ‘ਤੇ ਸਿਆਸਤ ਕਰਨ ਲੱਗ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ‘ਤੇ ਸਿਆਸਤ ਕਰਨਾ ਬੇਹੱਦ ਸ਼ਰਮਨਾਕ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ ਅਤੇ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਦੂਜੀਆਂ ਪਾਰਟੀਆਂ ਵਿੱਚ ਟਿਕਟਾਂ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਪਾਰਟੀਆਂ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਲੈ ਕੇ ਲਗਾਤਾਰ ਲੋਕਾਂ ਵਿੱਚ ਜਾ ਰਹੇ ਹਨ।