ਭਵਾਨੀਗੜ੍ਹ, 22 ਫਰਵਰੀ | ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਰੁਪਏ ਦੀ ਹੋਰ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਮਾਣੀ ਪਹਿਲ ਸੂਬੇ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਮਹਾਨ ਸਪੂਤ ਦੇ ਅਥਾਹ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਤਨ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਸੈਨਾਵਾਂ, ਅਰਧ ਸੈਨਿਕਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਸੰਜੀਦਗੀ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬੇ ਦਾ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਵਿੱਚ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।