ਚੰਡੀਗੜ੍ਹ, 30 ਜਨਵਰੀ | ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੇ ਜਿੱਤ ਲਈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਤਿੱਖਾ ਨਿਸ਼ਾਨਾ ਸਾਧਿਆ ਹੈ। ਸੀਐਮ ਕੇਜਰੀਵਾਲ ਨੇ ਨਾਂ ਲਏ ਬਿਨਾਂ ਭਾਜਪਾ ‘ਤੇ ਮੇਅਰ ਚੋਣਾਂ ‘ਚ ਬੇਈਮਾਨੀ ਦਾ ਦੋਸ਼ ਲਗਾਇਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਕਰਵਾਈ ਗਈ। ਇਸ ਵਿਚ ਭਾਜਪਾ ਉਮੀਦਵਾਰ ਮਨੋਜ ਨੂੰ 16 ਤੇ ਆਮ ਆਦਮੀ ਪਾਰਟੀ ਦੇ ਕੁਲਦੀਪ ਨੂੰ 12 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਬਾਕੀ ਵੋਟਾਂ ਰੱਦ ਕਰ ਦਿੱਤੀਆਂ ਗਈਆਂ।
ਦੱਸ ਦਈਏ ਕਿ ਇਸ ਸੀਟ ‘ਤੇ ਬਹੁਮਤ ਹੋਣ ਦੇ ਬਾਵਜੂਦ ‘ਆਪ’-ਕਾਂਗਰਸ ਗਠਜੋੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਦੀ ਚੋਣ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਫ਼ਸਰ ਦੇ ਬੀਮਾਰ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਸਬੰਧੀ ਕਾਂਗਰਸ ਪਾਰਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।