CM ਮਾਨ ਤੇ ਕੇਜਰੀਵਾਲ ਦੀ ਰੈਲੀ ਅੱਜ, ਲੁਧਿਆਣਾ ਵਾਸੀਆਂ ਨੂੰ ਮਿਲ ਸਕਦੇ ਨੇ ਵੱਡੇ ਤੋਹਫ਼ੇ

0
445

ਲੁਧਿਆਣਾ, 10 ਦਸੰਬਰ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਰੈਲੀ ਦੀਆਂ ਤਿਆਰੀਆਂ ਪਿਛਲੇ ਦਿਨੀਂ ਮੁਕੰਮਲ ਕਰ ਲਈਆਂ ਗਈਆਂ ਸਨ।

ਦੋਵਾਂ ਮੁੱਖ ਮੰਤਰੀਆਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਧਿਕਾਰੀ ਦੇਰ ਰਾਤ ਤੱਕ ਰੈਲੀ ਵਾਲੀ ਥਾਂ ਦਾ ਮੁਆਇਨਾ ਕਰਦੇ ਰਹੇ।

ਨਗਰ ਨਿਗਮ ਅਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਉਮੀਦ ਹੈ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਹਿਰ ਦੇ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕਰ ਸਕਦੇ ਹਨ।

ਇਸ ਰੈਲੀ ਦੀ ਸੁਰੱਖਿਆ ਲਈ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਰੂਟ ਪਲਾਨ ਵੀ ਜਾਰੀ ਕੀਤਾ ਹੈ ਤਾਂ ਜੋ ਰੈਲੀ ਦੌਰਾਨ ਲੋਕਾਂ ਨੂੰ ਆਵਾਜਾਈ ਸਬੰਧੀ ਕੋਈ ਦਿੱਕਤ ਨਾ ਆਵੇ। ਰੈਲੀ ਕਾਰਨ ਮੁੱਖ ਤੌਰ ’ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ, ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨੰਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਸ਼ਾਮਲ ਹਨ।