ਦਾਣਾ ਮੰਡੀ ‘ਚ ਪੱਲੇਦਾਰੀ ਕਰਨ ਨੂੰ ਮਜਬੂਰ ਕੌਮੀ ਹਾਕੀ ਖਿਡਾਰੀ ਨੂੰ CM ਮਾਨ ਨੇ ਦਿੱਤੀ ਕੋਚ ਦੀ ਨੌਕਰੀ, ਸੌਂਪਿਆ ਨਿਯੁਕਤੀ ਪੱਤਰ

0
2873

ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਜੁਆਇਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿਚ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਸੂਬੇ ਦੀ ਨੁਮਾਇੰਦਗੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖ਼ਮੀ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਨਾ ਪੈ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾ ਕੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਪਰਮਜੀਤ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰ ਲਵੇਗਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਰਮਜੀਤ ਆਪਣੇ ਹੁਨਰ ਅਤੇ ਮੁਹਾਰਤ ਸਦਕਾ ਕਈ ਹੋਰ ਖਿਡਾਰੀ ਪੈਦਾ ਕਰੇਗਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਰਮਜੀਤ ਸਮੇਂ ਸਿਰ ਹੋਰ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਵੀ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਖਿਡਾਰੀ ਵੱਲੋਂ ਸੂਬੇ ਲਈ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦਾ ਇਸ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੀ ਬਹੁਤ ਘੱਟ ਮਿਸਾਲ ਮਿਲਦੀ ਹੈ ਕਿ ਕਿਸੇ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ। ਉਸ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ ਛੂਹੇਗਾ। ਉਸ ਨੇ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਪੂਰੀ ਵਾਹ ਲਾਉਣਗੇ।