CM ਮਾਨ ਦਾ PM ਮੋਦੀ ‘ਤੇ ਤੰਜ, ਕਿਹਾ -ਆਪਣੇ ਮਿੱਤਰ ਅਡਾਨੀ ਦੀਆਂ ਜੇਬਾਂ ਭਰਨ ਲਈ ਕੋਲੇ ਵਾਸਤੇ ਰੇਲ-ਜਹਾਜ਼-ਰੇਲ ਰੂਟ ਕੀਤੀ ਲਾਗੂ

0
215

ਚੰਡੀਗੜ੍ਹ | ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੋਂ ਅਨਾਜ ਨੂੰ ਦੂਜੇ ਰਾਜਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਸਕਦੀਆਂ। ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਆਪਣੇ ਮਿੱਤਰ ਅਡਾਨੀ ਦੀਆਂ ਜੇਬਾਂ ਭਰਨ ਲਈ ਹੀ ਰੇਲ-ਜਹਾਜ਼-ਰੇਲ ਰੂਟ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਮਾਨ ਸੋਮਵਾਰ ਨੂੰ ਪਿੰਡ ਸਿੱਧੂਵਾਲ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿਖੇ ਆਯੋਜਿਤ ਪੀ.ਐਸ.ਈ.ਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਅਸਹਿਣਯੋਗ ਹੈ ਕਿਉਂਕਿ ਇਸ ਨਾਲ ਪੰਜਾਬ ਨੂੰ ਭਾਰੀ ਆਰਥਿਕ ਨੁਕਸਾਨ ਹੋਵੇਗਾ।

ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਦੇ ਇਸ ਫੈਸਲੇ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੇ ਚੀਫ ਇੰਜੀਨੀਅਰ ਜਸਵੀਰ ਸਿੰਘ ਧੀਮਾਨ, ਜਨਰਲ ਸਕੱਤਰ ਅਜੈਪਾਲ ਸਿੰਘ ਅਟਵਾਲ, ਪਾਵਰਕੌਮ ਦੇ ਸੀਐਮਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਾ. ਬਲਵੀਰ ਸਿੰਘ ਅਤੇ ਚੇਤਨ ਸਿੰਘ ਜੋੜਾਮਾਜਰਾ ਆਦਿ ਵੀ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਕੇਂਦਰ ਕੋਲ ਉਠਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਝਾਰਖੰਡ ਦੀ ਪਚਵਾੜਾ ਖਾਨ ਤੋਂ ਵੀ ਕਈ ਸਾਲਾਂ ਬਾਅਦ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ। ਚੋਣ ਵਾਅਦੇ ਮੁਤਾਬਕ ‘ਆਪ’ ਸਰਕਾਰ ਨੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਹੈ, ਜਿਸ ਕਾਰਨ ਸੂਬੇ ਦੇ 87 ਫੀਸਦੀ ਘਰਾਂ ਦੇ ਨਵੰਬਰ ਅਤੇ ਦਸੰਬਰ 2022 ਦੇ ਬਿੱਲ ਜ਼ੀਰੋ ਹਨ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਮਾਨ ਨੇ ਆਸ ਪ੍ਰਗਟਾਈ ਕਿ 23 ਅਤੇ 24 ਫਰਵਰੀ ਨੂੰ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾਵੇਗਾ। ਜਿਸ ਨਾਲ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਨਵੀਂ ਗਤੀ ਮਿਲੇਗੀ। ਇੰਜੀਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਤੋਂ ਪਾਵਰਕਾਮ ਦੀਆਂ ਸਬਸਿਡੀਆਂ ਦੇ ਬਕਾਏ, ਸਰਕਾਰੀ ਵਿਭਾਗਾਂ ਦੇ ਬਕਾਇਆ ਬਿੱਲਾਂ ਦੀ ਜਲਦੀ ਅਦਾਇਗੀ ਕਰਨ ਦੀ ਮੰਗ ਕੀਤੀ।