ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਬੀਜੇਪੀ ‘ਤੇ ਹਮਲਾ ਬੋਲਦਿਆਂ ਟਵੀਟ ਕੀਤਾ ਹੈ ਕਿ ਜੇਕਰ ਭਾਰਤ ਦੇ ਸੰਵਿਧਾਨ ‘ਚ ਲੋਕਤੰਤਰ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਸਜ਼ਾ ਦਿੱਤੀ ਜਾ ਸਕਦੀ ਸੀ।

ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਦਾ ਆਮ ਆਦਮੀ ਪਾਰਟੀ ਵੱਲੋਂ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਭਾਜਪਾ ‘ਤੇ ਹਮਲਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਰਤੀ ਸੰਵਿਧਾਨ ਵਿਚ ਲੋਕਤੰਤਰ ਦੇ ਕਾਤਲਾਂ ਨੂੰ ਸਜ਼ਾ ਦੀ ਕੋਈ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦੀ ਸਜ਼ਾ ਹੋ ਸਕਦੀ ਸੀ। 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਇਕ ਆਰਡੀਨੈਂਸ ਜਾਰੀ ਕੀਤਾ ਹੈ। ਹੁਣ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਦੇ ਹੱਥਾਂ ਵਿਚ ਚਲਾ ਜਾਵੇਗਾ। ਦਰਅਸਲ ਸੁਪਰੀਮ ਕੋਰਟ ਨੇ 11 ਮਈ ਦੇ ਆਪਣੇ ਫ਼ੈਸਲੇ ਵਿਚ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਤਾ ਸੀ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਅਦਾਲਤ ਦੇ ਇਸ ਫ਼ੈਸਲੇ ਨੂੰ ਪਲਟ ਦਿੱਤਾ ਹੈ। ਬਾਅਦ ਵਿਚ ਇਸ ਸਬੰਧੀ ਇਕ ਕਾਨੂੰਨ ਸੰਸਦ ਵਿਚ ਵੀ ਬਣਾਇਆ ਜਾਵੇਗਾ।