ਹੁਸ਼ਿਆਰਪੁਰ, 18 ਨਵੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਇਥੇ ‘ਵਿਕਾਸ ਕ੍ਰਾਂਤੀ’ ਰੈਲੀ ਵਿਚ ਲੋਕਾਂ ਦੇ ਭਾਰੀ ਇਕੱਠ ਨੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮਈ ਯੋਜਨਾਵਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਦੀ ਗਵਾਹੀ ਭਰੀ।
ਹੁਸ਼ਿਆਰਪੁਰ ਦੇ ਲੋਕਾਂ ਨੂੰ ਤੋਹਫੇ ਵਜੋਂ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਰੱਖਣ/ ਦੇ ਐਲਾਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਜਦੋਂ ਸਮੁੱਚੇ ਕੰਢੀ ਖੇਤਰ ਦੀ ਕਿਸਮਤ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣਗੇ ਅਤੇ ਲੋਕਾਂ ਦੇ ਜੀਵਨ ਵਿਚ ਖੁਸ਼ਹਾਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਖੇਤਰ ਨੂੰ ਅੱਖੋਂ-ਪਰੋਖੇ ਕਰਦੀਆਂ ਰਹੀਆਂ ਹਨ ਪਰ ਉਨ੍ਹਾਂ ਦੀ ਸਰਕਾਰ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿਚ ਮੁਕੰਮਲ ਤੌਰ ’ਤੇ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦੀ ਕੰਢੇ ਲਿਆ ਖੜ੍ਹਾ ਕੀਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦਾ ਰਾਗ ਅਲਾਪਣ ਲੱਗੀਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸ ਦੇ ਸਾਥੀਆਂ ਨੇ ਸੂਬੇ ਦੇ ਹਿੱਤ ਵੇਚੇ ਹਨ, ਆਮ ਆਦਮੀ ਦਾ ਜੀਵਨ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਨੂੰ ਮਲੰਗਾਂ ਦੀ ਪਾਰਟੀ ਕਹਿ ਕੇ ਪੰਜਾਬ ਦੇ ਨੌਜਵਾਨਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਬੁੱਧੀਜੀਵੀ ਨੇਤਾ ਹਨ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਸੰਸਥਾਵਾਂ ਵਿ਼ਚ ਪੜ੍ਹਾਈ ਕੀਤੀ ਹੈ ਅਤੇ ਇਨ੍ਹਾਂ ਸਾਰੇ ਆਗੂਆਂ ਨੇ ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਆਪੋ-ਆਪਣੇ ਖੇਤਰਾਂ ਵਿਚ ਆਪਣੀ ਕਾਬਲੀਅਤ ਦੇ ਬਾਖੂਬੀ ਸਬੂਤ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਿਨ੍ਹਾਂ ਨੂੰ ਪੰਜਾਬੀ ਦੇ ਮੂਲ ਸ਼ਬਦਾਂ ਦਾ ਉਚਾਰਨ ਤੱਕ ਨਹੀਂ ਕਰਨਾ ਆਉਂਦਾ, ਉਹ ਸੂਬੇ ਅਤੇ ਇਥੋਂ ਦੇ ਲੋਕਾਂ ਬਾਰੇ ਨਿਰਾਧਾਰ ਟੀਕਾ-ਟਿੱਪਣੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਤਾਨਾਸ਼ਾਹ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਉਨ੍ਹਾਂ ਨੇ ਆਉਣ ਵਾਲੀਆਂ ਆਮ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 13 ਅਤੇ ਚੰਡੀਗੜ੍ਹ ਦੀ ਇਕ ਸੀਟ ‘ਆਪ’ ਦੀ ਝੋਲੀ ਵਿਚ ਪਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅੰਕੜਾ 13-0 ਦਾ ਹੋਵੇਗਾ ਜਿਥੇ 13 ‘ਆਪ’ ਦੇ ਹੱਕ ਵਿਚ ਹੋਣਗੇ ਅਤੇ ਬਾਕੀ ਪਾਰਟੀਆਂ ਦੇ ਖਾਤੇ ਤੱਕ ਨਹੀਂ ਖੁੱਲ੍ਹਣਗੇ। ਸੀਐਮ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਵਲੋਂ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੋਈ ਵੀ ਕੇਸ ਦਾਇਰ ਕਰਨ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਕਰਤੂਤਾਂ ਨੂੰ ਲੋਕਾਂ ਸਾਹਮਣੇ ਨੰਗਾ ਕਰਨ ਲਈ ਇਸ ਕੇਸ ਦਾ ਸਵਾਗਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਲੋਕਾਂ ਨੇ ਮਹਿਲਾਂ ਜਾਂ ਵੱਡੇ ਘਰਾਂ ਵਿਚ ਰਹਿਣ ਵਾਲੇ ਅਤੇ ‘ਕਾਕਾ ਜੀ’ ਅਤੇ ‘ਬੀਬਾ ਜੀ’ ਦੇ ਨਾਵਾਂ ਨਾਲ ਜਾਣੇ ਜਾਂਦੇ ਆਗੂਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਖੜ੍ਹੇ ਪਰ ਇਨ੍ਹਾਂ ਨੇ ਹਮੇਸ਼ਾ ਉਨ੍ਹਾਂ ਲੋਕਾਂ ਦਾ ਸਾਥ ਦਿੱਤਾ ਹੈ ਜੋ ਉਨ੍ਹਾਂ ਦੇ ਨਿੱਜੀ ਹਿੱਤਾਂ ਲਈ ਫਾਇਦੇਮੰਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ‘ਮੁਹਾਵਰੇ ਦੇ ਮਾਸਟਰ’ ਹਨ ਜਿਨ੍ਹਾਂ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੇਵਕੂਫ ਬਣਾਇਆ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਮੋਦੀ ਵੱਲੋਂ ਹਰੇਕ ਖਾਤੇ ਵਿਚ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਗੈਰ ਯੋਜਨਾਬੱਧ ਨੀਤੀਆਂ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਲੱਖ ਰੁਪਏ ਤਾਂ ਛੱਡੋ, ਹੁਸ਼ਿਆਰਪੁਰ ਦੇ ਨਾਲ ਲੱਗਦੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕ 2019 ’ਚ ਇਸ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਚੁਣੇ ਗਏ ਆਪਣੇ ਸੰਸਦ ਮੈਂਬਰ ਸੰਨੀ ਦਿਓਲ ਦਾ ਚਿਹਰਾ ਦੇਖਣ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੋਵਾਂ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਆਮ ਜਨਤਾ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਭਲਾਈ ਲਈ ਕੋਈ ਠੋਸ ਕੰਮ ਨਹੀਂ ਕੀਤਾ ਅਤੇ ਸਿਰਫ਼ ਸੱਤਾ ਨੂੰ ਮਾਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਦੇ ਵੀ ਮੁਆਫ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਨ੍ਹਾਂ ਨੂੰ ਹੋਰ ਵੀ ਢੁਕਵਾਂ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਅਫਸੋਸ ਜਤਾਇਆ ਕਿ ਆਜ਼ਾਦੀ ਦੇ 75 ਸਾਲਾਂ ਵਿਚ ਸੂਬੇ ਵਿਚ ਸਿਰਫ਼ ਤਿੰਨ ਮੈਡੀਕਲ ਕਾਲਜ ਖੋਲ੍ਹੇ ਗਏ ਜਦੋਂਕਿ ਹੁਣ ਆਉਣ ਵਾਲੇ ਇਕ ਸਾਲ ਵਿਚ ਸੂਬੇ ਵਿਚ 5 ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਸੂਬੇ ਦੇ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 8 ਹਾਈਟੈੱਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬੈਠ ਕੇ ਸੇਵਾ ਕਰਨਾ ਯਕੀਨੀ ਬਣਾਉਣਾ ਹੈ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦਾ ਸਾਥ ਦੇਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਅਤੇ ਖੁਸ਼ਹਾਲੀ ਦੀ ਗਤੀ ਨੂੰ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਮਿਸਾਲੀ ਉਪਰਾਲੇ ਕੀਤੇ ਜਾ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਅਹੁਦਾ ਸੰਭਾਲਣ ਉਪਰੰਤ ਨਾ ਤਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਹੁਸ਼ਿਆਰਪੁਰ ਆਉਣ ਦੀ ਖੇਚਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣ ਕੇ ਕਦੇ ਵੀ ਇਸ ਖੇਤਰ ਵੱਲ ਮੁੜ ਕੇ ਨਹੀਂ ਵੇਖਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦਾ ਸੰਭਾਲਣ ਤੋਂ ਬਾਅਦ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਇਸ ਖੇਤਰ ਦਾ ਦੌਰਾ ਕਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਜੋ ਕਿ ਆਪਣੇ ਆਪ ਵਿਚ ਹੀ ਇਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਰੂਪ ਵਿਚ ਪੰਜਾਬ ਨੂੰ ਹੁਣ ਤੱਕ ਦਾ ਸਰਵੋਤਮ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿਚ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ‘ਤੇ ਅੱਗੇ ਵੱਧ ਰਿਹਾ ਹੈ ਜੋ ਕਿ ਬੇਮਿਸਾਲ ਉਪਲਬਧੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿਚ ਬਦਲਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇਨ੍ਹਾਂ ਸਰਕਾਰੀ ਸਕੂਲਾਂ ਦਾ ਮੁਕਾਬਲਾ ਨਹੀਂ ਕਰ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੀ ਇਸੇ ਤਰ੍ਹਾਂ ਨੁਹਾਰ ਬਦਲੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ‘ਚ ਹਰ ਖੇਤਰ ‘ਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦਕਿ ਪਿਛਲੀਆਂ ਸਰਕਾਰਾਂ ‘ਚੋਂ ਕਿਸੇ ਨੇ ਵੀ ਇਸ ਬਾਰੇ ਕਦੇ ਨਹੀਂ ਸੋਚਿਆ।