ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਝਾਰਖੰਡ ਦੀ ਪਚਵਾੜਾ ਖਾਨ ਤੋਂ ਕੋਲੇ ਨਾਲ ਭਰੀ ਪਹਿਲੀ ਰੇਲਗੱਡੀ ਲੈਣ ਲਈ ਰੋਪੜ ਪਹੁੰਚੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਚੁੱਕ ਰਿਹਾ ਹੈ ਕਿਉਂਕਿ ਸੂਬੇ ਦੇ ਕਿਸੇ ਵੀ ਥਰਮਲ ਪਲਾਂਟ ਨੂੰ ਕੋਲੇ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਲਈ ਰੱਖੀ ਗਈ ਪਚਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਇਸ ਖਾਨ ਕੋਲ ਸੂਬੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਾਧੂ ਕੋਲਾ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਇਸ ਖਾਨ ਦੀ ਕੁੱਲ ਸਮਰੱਥਾ 70 ਲੱਖ ਟਨ ਸਾਲਾਨਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਵਿਦੇਸ਼ਾਂ ਤੋਂ ਕੋਲਾ ਮੰਗਵਾਉਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਇਸ ਵੇਲੇ ਵਿਕਾਸ ਅਤੇ ਤਰੱਕੀ ਦਾ ਮੁੱਖ ਆਧਾਰ ਹੈ। ਇਸ ਲਈ ਸਰਕਾਰ ਇਸ ਦਾ ਉਤਪਾਦਨ ਵਧਾਉਣ ‘ਤੇ ਧਿਆਨ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਤੇਜ਼ੀ ਨਾਲ ਉਦਯੋਗਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਪਚਵਾੜਾ ਕੋਲਾ ਖਾਨ ਤੋਂ ਕੋਲੇ ਦੇ ਪਹਿਲੇ ਰੈਕ ਦੇ ਸੂਬੇ ਲਈ ਆਉਣ ‘ਤੇ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਇਕਲੌਤਾ ਵਾਧੂ ਬਿਜਲੀ ਵਾਲਾ ਸੂਬਾ ਬਣ ਜਾਵੇਗਾ।
ਉਨ੍ਹਾਂ ਕਿਹਾ ਕਿ ਪਿਛਲੇ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਨੇ ਪਿਛਲੇ ਸਾਲ ਨਾਲੋਂ 83 ਫੀਸਦੀ ਵੱਧ ਬਿਜਲੀ ਦਾ ਉਤਪਾਦਨ ਕੀਤਾ ਸੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਉਤਪਾਦਨ ਵਿੱਚ ਕਈ ਗੁਣਾ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਚਵਾੜਾ ਕੋਲਾ ਖਾਨ ਸੂਬੇ ਨੂੰ ਅਲਾਟ ਕੀਤੀ ਗਈ ਸੀ ਪਰ ਇਹ 2015 ਤੋਂ ਬੰਦ ਪਈ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ ਪਰ ਪਿਛਲੀਆਂ ਸਰਕਾਰਾਂ ਨੇ ਕੋਲੇ ਦੀ ਸਪਲਾਈ ਬਹਾਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤਾ ‘ਚ ਆਉਂਦੇ ਹੀ ਮਾਰਚ 2022 ‘ਚ ਇਹ ਮਾਮਲਾ ਚੁੱਕਿਆ ਅਤੇ ਮਾਮਲੇ ਨੂੰ ਸਹੀ ਢੰਗ ਨਾਲ ਦੇਖਦਿਆਂ ਕੋਲੇ ਦੀ ਸਪਲਾਈ ਬਹਾਲ ਕਰ ਦਿੱਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਪੀ.ਐਸ.ਪੀ.ਸੀ.ਐਲ. ਨੂੰ 600 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ ਜਦਕਿ ਘਰੇਲੂ ਕੋਲੇ ‘ਤੇ ਪੂਰੀ ਨਿਰਭਰਤਾ ਨਾਲ 520 ਕਰੋੜ ਰੁਪਏ ਦੀ ਹੋਰ ਬਚਤ ਹੋਵੇਗੀ। ਇਸ ਤੋਂ ਇਲਾਵਾ ਨਿੱਜੀ ਕੰਪਨੀਆਂ ਨੂੰ ਵਾਧੂ ਕੋਲੇ ਦੀ ਸਪਲਾਈ ਤੋਂ 1500 ਕਰੋੜ ਰੁਪਏ ਹੋਰ ਜੁਟਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਛਵਾੜਾ ਖਾਨ ਦੇ ਕੋਲੇ ਵਿੱਚ ਸੁਆਹ ਦੀ ਮਾਤਰਾ ਸਿਰਫ 32 ਫੀਸਦੀ ਹੈ, ਜਦੋਂ ਕਿ ਹੋਰ ਸਰੋਤਾਂ ਤੋਂ ਪ੍ਰਾਪਤ ਕੀਤੇ ਕੋਲੇ ਵਿੱਚ 41 ਫੀਸਦੀ ਸੁਆਹ ਹੈ।