CM ਮਾਨ ਦੀ ਵੱਡੀ ਪਹਿਲ ਕਦਮੀ ! ਵਾਤਾਵਰਣ ਨੂੰ ਬਚਾਉਣ ਲਈ ਪੰਜਾਬ ਦੇ ਸਹਿਕਾਰੀ ਬੈਂਕਾਂ ‘ਚ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਕੀਤੀ ਸ਼ੁਰੂ

0
55

ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿਚ ਸ਼ੁਰੂ ਕੀਤੀ ਗਈ ਹੈ। ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ ‘ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ ‘ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ​​ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ ‘ਤੇ ਲਾਭ ਪਹੁੰਚ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਾਂ ਦੇ ਆਸਪਾਸ ਕਲੱਸਟਰ ਅਧਾਰਤ ਪਹੁੰਚ ਰਾਹੀਂ ਸਪਲਾਈ ਚੇਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਦੇ ਲਾਭਪਾਤਰੀ ਪਰਾਲੀ ਨੂੰ ਲੋੜੀਂਦੇ ਸਥਾਨਾਂ ‘ਤੇ ਇਕੱਠਾ ਕਰਨ, ਕੰਪ੍ਰੈੱਸ ਕਰਨ ਤੇ ਸਟੋਰ ਕਰਨਗੇ ਅਤੇ ਲੋੜ ਅਨੁਸਾਰ ਵੱਖ-ਵੱਖ ਉਪਭੋਗਤਾਵਾਂ ਜਾਂ ਉਦਯੋਗਾਂ ਨੂੰ ਉਪਲਬਧ ਕਰਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।