ਚੰਡੀਗੜ੍ਹ, 16 ਫਰਵਰੀ| ਕਿਸਾਨ ਨੇਤਾਵਾਂ ਤੇ ਕੇਂਦਰੀ ਮੰਤਰੀਆਂ ਵਿਚ ਚੰਡੀਗੜ੍ਹ ਵਿਚ ਵੀਰਵਾਰ ਨੂੰ ਤੀਜੇ ਦੌਰ ਦੀ ਗੱਲਬਾਤ ਵੀ ਬੇਨਤੀਜਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ ਲਗਭਗ 1.30ਵਜੇ ਤੱਕ ਚੱਲੀ। ਸਰਕਾਰ ਨੇ MSP ‘ਤੇ ਕਾਨੂੰਨ ਬਣਾਉਣ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ, ਜਿਸ ਵਿਚ ਕਿਸਾਨ ਤੇ ਸਰਕਾਰ ਦੋਵਾਂ ਦੇ ਪ੍ਰਤੀਨਿਧੀ ਹੋਣਗੇ। ਕਿਸਾਨ ਨੇਤਾ MSP ਗਾਰੰਟੀ ‘ਤੇ ਅੜੇ ਰਹੇ।
ਕਿਸਾਨ ਯੂਨੀਅਨਾਂ ਨਾਲ ਬੈਠਕ ਖਤਮ ਹੋਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਯੂਨੀਅਨ ਤੇ ਕੇਂਦਰ ਸਰਕਾਰ ਵਿਚਾਲੇ ਲੰਬੀ ਗੱਲਬਾਤ ਹੋਈ। ਇਸ ਵਿਸ਼ੇ ‘ਤੇ ਵਿਸਤਾਰ ਨਾਲ ਚਰਚਾ ਹੋਈ। ਮੀਟਿੰਗ ਵਿਚ ਚਰਚਾ ਸਕਾਰਾਤਮਕ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹਿਮਾਇਤੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਗਲੀ ਹੋਣ ਵਾਲੀ ਮੀਟਿੰਗ ਵਿਚ ਇਸ ਵਿਸ਼ੇ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਚਿੱਠੀ ਕੱਢ ਕੇ ਪੰਜਾਬ ਦੇ ਸੰਗਰੂਰ, ਪਟਿਆਲਾ ਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰਵਾ ਦਿੱਤਾ… ਸਾਡੇ ਵਾਲੇ ਪਾਸੇ ਡ੍ਰੋਨ ਨਾਲ ਸੈੱਲ ਸੁੱਟ ਰਹੇ ਨੇ…ਜਿਸਦਾ ਮੈਂ ਵਿਰੋਧ ਜਤਾਇਆ…ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਵਿਤਕਰਾ ਨਾ ਕਰੋ…।
CM ਮਾਨ ਨੇ ਕਿਹਾ ਕਿ ਅਗਲੇ ਦੌਰ ਦੀ ਮੀਟਿੰਗ ਐਤਵਾਰ ਸ਼ਾਮ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੁਕਤਿਆਂ ‘ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।