ਚੰਡੀਗੜ੍ਹ, 26 ਦਸੰਬਰ | ਪੰਜਾਬ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਹੈ, ਜਦਕਿ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਲਈ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵੀ ਘੱਟ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 1.8 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਲਈ ਅੱਜ ਅਲਰਟ ਜਾਰੀ

ਅੱਜ ਲਈ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਸਰੀਰ ਨੂੰ ਠੰਡ ਤੋਂ ਬਚਾਉਣ ਦੀ ਕੋਸ਼ਿਸ਼ ਕਰੋ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)