ਜਲੰਧਰ, 25 ਜੁਲਾਈ 2025

ਸੂਬਾ ਪੱਧਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲਗਾਤਾਰ ਮਾੜੇ ਅਨਸਰਾਂ ਉੱਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ, ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪਿਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ 7 ਐਫ.ਆਈ.ਆਰ. ਦਰਜ ਕੀਤੀਆਂ ਗਈਆਂ, ਜਿਨ੍ਹਾਂ ਅਧੀਨ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨਤੀਜੇ ਵਜੋਂ, ਉਨ੍ਹਾਂ ਦੇ ਕਬਜ਼ੇ ਵਿੱਚੋਂ 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਗਈਆ। ਇਸਦੇ ਇਲਾਵਾ, ਨਸ਼ੇ ਦੀ ਆਦਤ ਵਿਚ ਫਸੇ ਵਿਅਕਤੀਆਂ ਦੀ ਪੁਨਰਵਾਸੀ ਅਤੇ ਮਨੋਵਿਗਿਆਨਕ ਸਹਾਇਤਾ ਵੱਲ ਧਿਆਨ ਦਿੰਦਿਆਂ, ਜਲੰਧਰ ਪੁਲਿਸ ਵੱਲੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ, ਤਾਂ ਜੋ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ।

ਸ੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ: “ਕਮਿਸ਼ਨਰੇਟ ਜਲੰਧਰ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਵਾਸਤੇ ਸਾਡੀ ਪੁਲਿਸ ਵਚਨਬੱਧ ਹੈ। ਸਮੂਹ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਨਸ਼ਾ ਵਪਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ 112 ‘ਤੇ ਦੇਣ।”