ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਮਾਸਕ ਨਾ ਪਾਉਣ ਵਾਲੇ 4113 ਲੋਕਾਂ ਨੂੰ 14.02 ਲੱਖ ਜੁਰਮਾਨਾ

0
617

ਜਲੰਧਰ. ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ 4113 ਲੋਕਾਂ ਨੂੰ 14.02 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਿਕ ਪੁਲਿਸ ਵਲੋਂ ਹੁਣ ਤੱਕ 4113 ਲੋਕਾਂ ਨੂੰ ਮਾਸਕ ਨਾ ਪਾਉਣ ਕਰਕੇ 14.02 ਲੱਖ ਰੁਪਏ ਅਤੇ ਹੋਮ ਕੁਆਰੰਟੀਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 10 ਲੋਕਾ ਨੂੰ 11000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 282 ਲੋਕਾਂ ਨੂੰ 30600 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਵਲੋਂ 30149 ਟਰੈਫਿਕ ਚਲਾਨ ਕਰਕੇ 1902 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅੱਜ ਕਮਿਸ਼ਨਰੇਟ ਪੁਲਿਸ ਵਲੋਂ 387 ਟਰੈਫਿਕ ਚਲਾਨ ਕਰਕੇ ਚਾਰ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਵਲੋਂ 245 ਲੋਕਾਂ ਦੇ ਮਾਸਕ ਨਾ ਪਾਉਣ ਕਰਕੇ ਚਲਾਨ ਕੀਤੇ ਗਏ ਤੇ ਉਨਾਂ ਨੂੰ 1,22,500 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ www.fb.com/jalandharbulletin ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ https://bit.ly/3diTrmP ਨਾਲ ਜੁੜੋ)