ਚੰਡੀਗੜ੍ਹ| ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਵੱਡਾ ਪ੍ਰਭਾਵ ਪਿਆ ਹੈ। ਇਸ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਨਹੀਂ ਹੋ ਸਕੀ। ਪਰ ਪੰਜਾਬ ਸਰਕਾਰ ਆਜ਼ਾਦੀ ਦਿਵਸ ਯਾਨੀ 15 ਅਗਸਤ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰਨ ਜਾ ਰਹੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਗਿਰਦਾਵਰੀ ਤੋਂ ਬਿਨਾਂ ਸੂਬਾ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀ ਰਾਹਤ ਲਈ 15 ਅਗਸਤ ਤੋਂ ਮੁਆਵਜ਼ਾ ਦੇਣਾ ਸ਼ੁਰੂ ਕਰੇਗੀ। ਉਨ੍ਹਾਂ ਇਹ ਬਿਆਨ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਆਪਣੇ ਘਰ ਵਿਖੇ ਮੀਟਿੰਗ ਤੋਂ ਬਾਅਦ ਦਿੱਤਾ।
ਪੂਰੀ ਨਹੀਂ ਹੋ ਸਕੀ ਗਿਰਦਾਵਰੀ ਦੀ ਪ੍ਰਕਿਰਿਆ
ਮੰਤਰੀ ਧਾਲੀਵਾਲ ਨੇ ਦੱਸਿਆ ਕਿ ਕਈ ਥਾਵਾਂ ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ ਹੈ। ਪਰ ਸੂਬਾ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਦਿੱਲੀ ਸੋਧ ਬਿੱਲ ਵਰਗੇ ਮੁੱਦਿਆਂ ‘ਤੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਪਰ ਪੰਜਾਬ ਸਰਕਾਰ ਦਾ ਸੰਘਰਸ਼ ਜਾਰੀ ਰਹੇਗਾ।
ਟਿਕੈਤ ਨੇ ਕਿਸਾਨਾਂ ਦੇ ਹੋਏ ਨੁਕਸਾਨ ‘ਤੇ ਦੁੱਖ ਪ੍ਰਗਟਾਇਆ
ਉੱਧਰ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਚੰਗਾ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਐਮਐਸਪੀ ਦੇ ਮੁੱਦੇ ਤੇ ਕੇਂਦਰ ਨਾਲ ਲੜਨ ਦੀ ਗੱਲ ਵੀ ਕਹੀ।