ਬੇਅਦਬੀ ਬਿੱਲ ਨੂੰ ਲੈ ਕੇ ਸਿੱਖ ਪੰਥ ਵਿੱਚ ਵਧੀ ਚਿੰਤਾ : ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਚਾਰ ਕਰਕੇ ਬਿੱਲ ਦੀਆਂ ਤਰੁਟੀਆਂ ਦੂਰ ਕਰਨ ਦੀ ਅਪੀਲ, ਚੰਡੀਗੜ੍ਹ

0
10

ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਬਿੱਲ ਨੂੰ ਲੈ ਕੇ ਸਿੱਖ ਪੰਥ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਚਿੰਤਾ ਵਧਦੀ ਜਾ ਰਹੀ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਪਰ ਮੌਜੂਦਾ ਬਿੱਲ ਵਿੱਚ ਕੁਝ ਤਰੁਟੀਆਂ ਅਤੇ ਅਸਪਸ਼ਟਤਾਵਾਂ ਕਾਰਨ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਪਹਿਲਾਂ ਵੀ ਕਾਨੂੰਨੀ ਉਪਰਾਲੇ ਕੀਤੇ ਗਏ ਸਨ, ਪਰ ਉਹ ਸਫਲ ਨਹੀਂ ਹੋ ਸਕੇ। ਹੁਣ ਭਗਵੰਤ ਮਾਨ ਸਰਕਾਰ ਵੱਲੋਂ ਬਿੱਲ ਪਾਸ ਕੀਤਾ ਗਿਆ ਹੈ, ਪਰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ‘ਤੇ ਪੰਥਕ ਪੱਧਰ ‘ਤੇ ਗੰਭੀਰ ਵਿਚਾਰ-ਵਟਾਂਦਰਾ ਹੋਣਾ ਜ਼ਰੂਰੀ ਹੈ।

ਉਨ੍ਹਾਂ ਅਪੀਲ ਕੀਤੀ ਕਿ ਬਿੱਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬਾਨ, ਜਥੇਦਾਰਾਂ ਅਤੇ ਪੰਥਕ ਜਥੇਬੰਦੀਆਂ ਨਾਲ ਮਿਲ ਬੈਠ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਚਾਰਿਆ ਜਾਵੇ, ਤਾਂ ਜੋ ਇਸ ਵਿੱਚ ਮੌਜੂਦ ਖਾਮੀਆਂ ਨੂੰ ਦੂਰ ਕੀਤਾ ਜਾ ਸਕੇ ਅਤੇ ਸਾਰੇ ਪੱਖਾਂ ਦੀ ਸਹਿਮਤੀ ਨਾਲ ਫੈਸਲਾ ਲਿਆ ਜਾ ਸਕੇ।



ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੀ ਵੱਧ ਰਹੀ ਦਖਲਅੰਦਾਜ਼ੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮਤਾਬਕ ਸਰਕਾਰਾਂ ਨੂੰ ਪ੍ਰਸ਼ਾਸਨਿਕ ਕੰਮਾਂ ਤੱਕ ਸੀਮਿਤ ਰਹਿਣਾ ਚਾਹੀਦਾ ਹੈ, ਜਦਕਿ ਧਾਰਮਿਕ ਮਸਲਿਆਂ ਦੀ ਜ਼ਿੰਮੇਵਾਰੀ ਧਾਰਮਿਕ ਸੰਸਥਾਵਾਂ ਨੂੰ ਹੀ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਾਰੇ ਪੱਖ ਸਾਂਝੇ ਤੌਰ ‘ਤੇ ਫੈਸਲਾ ਲੈਣਗੇ ਤਾਂ ਕੌਮ ਵਿੱਚ ਏਕਤਾ ਅਤੇ ਸਤਿਕਾਰ ਬਣਿਆ ਰਹੇਗਾ ਅਤੇ ਜਥੇਬੰਦੀਆਂ ਵਿਚਕਾਰ ਪੈਦਾ ਹੋਈ ਦੂਰੀ ਵੀ ਘਟੇਗੀ। ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਦੇ ਬਿਆਨ ਬਾਰੇ ਕਿਹਾ ਕਿ ਹਰ ਵਿਅਕਤੀ ਆਪਣੀ ਸੋਚ ਅਨੁਸਾਰ ਵਿਚਾਰ ਰੱਖਦਾ ਹੈ ਅਤੇ ਇਸ ਮਾਮਲੇ ਦਾ ਹੱਲ ਬਿਨਾਂ ਵਿਵਾਦ ਵਧਾਏ ਸਾਂਝੀ ਸਹਿਮਤੀ ਨਾਲ ਕੱਢਿਆ ਜਾਣਾ ਚਾਹੀਦਾ ਹੈ।