ਚੰਡੀਗੜ੍ਹ। ਪੰਜਾਬ ਵਿੱਚ ਧਰਮ ਪਰਿਵਰਤਨ ਦਾ ਮੁੱਦਾ ਭਖਿਆ ਹੋਇਆ ਹੈ। ਤਰਨਤਾਰਨ ਵਿਖੇ ਚਰਚ ਵਿੱਚ ਭੰਨਤੋੜ ਕਰਕੇ ਕਾਰ ਨੂੰ ਅੱਗ ਲਾਉਣ ਦੀ ਘਟਨਾ ਬਾਰੇ ਗੱਲਬਾਤ ਕਰਦੇ ਹੋਏ ਪੰਜਾਬ ਕ੍ਰਿਸਚਨ ਮੂਵਮੈਂਟ ਦੇ ਪ੍ਰਧਾਨ ਹਾਮਿਦ ਮਸੀਹ ਨੇ ਵਿਵਾਦਤ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਇਸ ਘਟਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਚਰਚ ਵਿੱਚ ਜੋ ਕੁੱਝ ਹੋਇਆ ਹੈ ਅਤੇ ਅੰਮ੍ਰਿਤਸਰ ਵਿੱਚ ਜੋ ਘਟਨਾ ਵਾਪਰੀ ਹੈ, ਉਹ ਸਭ ਗਿਆਨੀ ਹਰਪ੍ਰੀਤ ਸਿੰਘ ਕਰਵਾ ਰਹੇ ਹਨ।
‘ਨਿਊਜ਼18’ ਦੀ ਖਬਰ ਅਨੁਸਾਰ ਹਾਮਿਦ ਮਸੀਹ ਨੇ ਵਿਵਾਦ ਬਿਆਨ ਦਿੰਦਿਆਂ ਕਿਹਾ ਕਿ ਚਰਚ ਵਿੱਚ ਜੋ ਕੁੱਝ ਵੀ ਹੋਇਆ ਅਤੇ ਜਾਂ ਫਿਰ ਅੰਮ੍ਰਿਤਸਰ ਵਿੱਚ ਜੋ ਦੰਗਿਆਂ ਰੂਪੀ ਘਟਨਾ ਹੋਈ, ਇਸ ਪਿੱਛੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਹੱਥ ਹੈ। ਉਹ ਹੀ ਇਹ ਸਭ ਕੁੱਝ ਕਰਵਾ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਜਬਰੀ ਧਰਮ ਪਰਿਵਰਤਨ ਵਿਰੁੱਧ ਕੇਂਦਰ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਈਸਾਈ ਮਿਸ਼ਨਰੀਆਂ ਨਾਲ ਝੜਪ ਮਾਮਲੇ ਵਿੱਚ ਨਿਹੰਗ ਸਿੰਘਾਂ ਉਪਰ ਦਰਜ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਸੀ।
ਪੰਜਾਬ ਕ੍ਰਿਸਚਨ ਮੂਵਮੈਂਟ ਦੇ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਜਿਹੇ ਭੜਕਾਊ ਬਿਆਨ ਨਹੀਂ ਦੇਣੇ ਚਾਹੀਦੇ, ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਬਾਰੇ ਵਾਰ-ਵਾਰ ਧਰਮ ਪਰਿਵਰਤਨ ਦੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਬਿਲਕੁਲ ਗਲਤ ਹੈ। ਧਰਮ ਪਰਿਵਰਤਨ ਸਬੰਧੀ ਸਾਡੇ ਵੱਲ ਵਾਰ-ਵਾਰ ਇਸ਼ਾਰਾ ਕੀਤਾ ਜਾਂਦਾ ਹੈ, ਜੋ ਕਿ ਬਿਲਕੁਲ ਗਲਤ ਹੈ, ਜਥੇਦਾਰ ਨੂੰ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਹੋਣਾ ਚਾਹੀਦਾ ਹੈ, ਅਸੀਂ ਨਹੀਂ ਚਾਹੁੰਦੇ ਕਿ ਪੰਜਾਬ ਦਾ ਮਾਹੌਲ ਖਰਾਬ ਹੋਵੇ।