ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ‘ਤੇ ਵਿਵਾਦ, SGPC ਨੇ ਵੀ ਜਤਾਇਆ ਇਤਰਾਜ਼

0
920

ਅੰਮ੍ਰਿਤਸਰ, 26 ਅਕਤੂਬਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੇ ਗਏ ਸਨਮਾਨ ਅਤੇ ਤੋਹਫ਼ਿਆਂ ਦੀ ਨਿਲਾਮੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ਨਹੀਂ ਹੋਣੀ ਚਾਹੀਦੀ। ਇਹ ਕੋਈ ਸਾਧਾਰਨ ਤੋਹਫ਼ਾ ਨਹੀਂ ਸਗੋਂ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਮੈਂ ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਆਪਣੇ ਨਿਵਾਸ ਸਥਾਨ ‘ਤੇ ਰੱਖਣ ਦੀ ਅਪੀਲ ਕਰਦਾ ਹਾਂ।

ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਵੀ ਈ-ਨਿਲਾਮੀ ‘ਤੇ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, “ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਕਰਨ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀਆਂ ਬਖਸ਼ਿਸ਼ਾਂ ਦੇ ਪਵਿੱਤਰ ਪ੍ਰਤੀਕ ਵਜੋਂ ਤੋਹਫ਼ੇ ਵਜੋਂ ਦਿੱਤਾ ਗਿਆ ਸੀ ਅਤੇ ਇਸ ਨੂੰ ਨਿਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਵੇਗਾ।

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਵੱਖ-ਵੱਖ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਲਈ 31 ਅਕਤੂਬਰ ਸ਼ਾਮ 5 ਵਜੇ ਤੱਕ ਬੋਲੀ ਰੱਖੀ ਗਈ ਹੈ। ਇਸ ਦੀ ਆਧਾਰ ਕੀਮਤ 13,500 ਰੁਪਏ ਰੱਖੀ ਗਈ ਹੈ ਅਤੇ 2 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਈ ਇਸ ਮਾਡਲ ਦੀ ਨਿਲਾਮੀ ਲਈ ਬੋਲੀ ਹੁਣ ਤੱਕ 1,51,200 ਰੁਪਏ ਤੱਕ ਪਹੁੰਚ ਚੁੱਕੀ ਹੈ।