ਜਲੰਧਰ, 2 ਅਕਤੂਬਰ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਬੁੱਧਵਾਰ ਨੂੰ ਜਲੰਧਰ ਨੂੰ ਅਪਰਾਧ ਮੁਕਤ ਸ਼ਹਿਰ ਬਣਾਉਣ ਲਈ ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।
ਪੁਲਿਸ ਕਮਿਸ਼ਨਰ ਨੇ ਇੱਕ ਮਹੀਨਾ ਸਹਿਯੋਗ ਮੁਹਿੰਮ ਦੇ ਸਬੰਧ ਵਿਚ ਕਰਵਾਏ ਸਮਾਗਮ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿਚ 850 ਸੰਸਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ। ਇੱਕ ਮਹੀਨੇ ਦੌਰਾਨ ਪੁਲਿਸ ਨੇ ਸੰਸਥਾਵਾਂ ਨਾਲ 500 ਤੋਂ ਵੱਧ ਮੀਟਿੰਗਾਂ ਕਰ ਕੇ ਜੁਰਮ ਨੂੰ ਨੱਥ ਪਾਉਣ ਲਈ ਉਨ੍ਹਾਂ ਦਾ ਸਹਿਯੋਗ ਲਿਆ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮੁੱਖ ਮਕਸਦ ਸ਼ਹਿਰ ਵਿਚ ਅਪਰਾਧ ਦਰ ਨੂੰ ਰੋਕਣ ਲਈ ਜਨਤਕ ਪੁਲਿਸ ਦੀ ਭਾਗੀਦਾਰੀ ਨੂੰ ਵਧਾਉਣਾ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਦਾ ਮੁੱਖ ਜ਼ੋਰ ਅਪਰਾਧ ਨੂੰ ਰੋਕਣਾ, ਟ੍ਰੈਫਿਕ ਦੀ ਸਮੱਸਿਆ ਨੂੰ ਰੋਕਣਾ ਅਤੇ ਨਸ਼ਿਆਂ ਦੀ ਅਲਾਮਤ ਨੂੰ ਦੂਰ ਕਰਨਾ ਹੈ। 500 ਤੋਂ ਵੱਧ ਮੀਟਿੰਗਾਂ ਦੌਰਾਨ ਆਮ ਲੋਕਾਂ ਦੇ ਵਿਚਾਰ ਲਏ ਗਏ ਤੇ ਫਿਰ ਇਸ ’ਤੇ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਜਨਤਕ ਜਾਣਕਾਰੀ ਦੇ ਆਧਾਰ ’ਤੇ ਤਿੰਨ ਸ਼੍ਰੇਣੀਆਂ ’ਤੇ ਆਧਾਰਿਤ ਕਾਰਜ ਯੋਜਨਾ ਉਲੀਕੀ ਗਈ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਦਾ ਉਦੇਸ਼ ਸਮਾਜ ਵਿਚ ਸਕਾਰਾਤਮਕ ਤਬਦੀਲੀ ਲਿਆਉਣਾ ਹੈ, ਜਿਸ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੂਲ ਮੰਤਵ ਪੁਲਿਸ ਤੇ ਜਨਤਾ ਦਰਮਿਆਨ ਬਿਹਤਰ ਤਾਲਮੇਲ ਅਤੇ ਸੰਚਾਰ ਨੂੰ ਯਕੀਨੀ ਬਣਾਉਣਾ ਹੈ। ਆਮ ਲੋਕਾਂ ਰਾਹੀਂ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨ ਲਈ ਫੀਡਬੈਕ ਇਸ ਮੁਹਿੰਮ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਹੈ।
ਪੁਲਿਸ ਕਮਿਸ਼ਨਰ ਨੇ ਲੋਕਾਂ ਤੋਂ ਵੱਧ ਤੋਂ ਵੱਧ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਅਤੇ ਇਸ ਦੇ ਵਸਨੀਕਾਂ ਨੂੰ ਦਰਪੇਸ਼ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਕਰਨਾ, ਅਪਰਾਧਾਂ ਦਾ ਪਤਾ ਲਗਾਉਣਾ ਅਤੇ ਨਿਗਰਾਨੀ ਕਰਨਾ ਪੁਲਿਸ ਦਾ ਮੁੱਢਲਾ ਫਰਜ਼ ਹੈ ਅਤੇ ਕਮਿਸ਼ਨਰੇਟ ਪੁਲਿਸ ਇਸ ਲਈ ਵਚਨਬੱਧ ਹੈ। ਇਸ ਡਿਊਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਆਮ ਲੋਕਾਂ ਦਾ ਸਰਗਰਮ ਸਹਿਯੋਗ ਜ਼ਰੂਰੀ ਹੈ, ਜਿਸ ਲਈ ਇਹ ਮੁਹਿੰਮ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ।