ਜਲੰਧਰ, 26 ਜਨਵਰੀ | ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ, ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਅਤੇ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਐਸ.ਡੀ.ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਹਰਿਆਣਵੀ ਲੋਕ ਨਾਚ ਪੇਸ਼ ਕੀਤਾ ਗਿਆ। ਇਸ ਉਪਰੰਤ ਰੈੱਡ ਕਰਾਸ ਸਕੂਲ ਦੇ ਬੱਚਿਆਂ ਵੱਲੋਂ ਦਿੱਤੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ।

ਕੇ.ਐਮ.ਵੀ. ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਜਿਥੇ ਰਾਜਸਥਾਨੀ ਨਾਚ ਦੀ ਪੇਸ਼ਕਾਰੀ ਦਿੱਤੀ ਗਈ, ਉਥੇ ਐਚ.ਐਮ.ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗੀ ਵੰਨਗੀ ਪੇਸ਼ ਕਰਕੇ ਸਮਾਂ ਬੰਨ੍ਹ ਦਿੱਤਾ। ਇਸ ਤੋਂ ਇਲਾਵਾ ਸਮਾਗਮ ਦੌਰਾਨ ਐਸ.ਡੀ. ਫੁੱਲਰਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ।

ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ’ਤੇ ਹੌਸਲਾ ਅਫ਼ਜ਼ਾਈ ਕੀਤੀ।