ਹੁਸ਼ਿਆਰਪੁਰ, 13 ਅਕਤੂਬਰ | ਦਸੂਹਾ ‘ਚ ਨਾਕਾਬੰਦੀ ਦੌਰਾਨ ਕਾਰ ‘ਚ ਸਵਾਰ ਮੁਲਜ਼ਮਾਂ ਵੱਲੋਂ ਪੁਲਿਸ ‘ਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨਾਕਾ ਤੋੜ ਕੇ ਉਥੋਂ ਫਰਾਰ ਹੋ ਗਏ। ਜਾਂਦੇ ਸਮੇਂ ਮੁਲਜ਼ਮਾਂ ਨੇ ਇਕ ਕਾਰ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਚੌਕੀ ਇੰਚਾਰਜ ਏਐਸਆਈ ਬਲਵੰਤ ਸਿੰਘ ਦੇ ਬਿਆਨਾਂ ’ਤੇ ਗੁਰਪ੍ਰੀਤ ਸਿੰਘ ਉਰਫ਼ ਬੰਟੀ ਵਾਸੀ ਪਿੰਡ ਜਲੋਟਾ ਜ਼ਿਲ੍ਹਾ ਹੁਸ਼ਿਆਰਪੁਰ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 307, 186, 353, 427 ਤਹਿਤ ਕੇਸ ਦਰਜ ਕਰ ਲਿਆ ਹੈ।

ਮੁਲਜ਼ਮ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਜ ਕਰਵਾਏ ਬਿਆਨਾਂ ਵਿਚ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦਸੂਹਾ ਦੇ ਪਿੰਡ ਜੰਗਲਾ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਵੱਲੋਂ ਦਿੱਲੀ ਨੰਬਰ ਵਾਲੀ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ। ਮੁਲਜ਼ਮ ਨੇ ਕੁਝ ਦੂਰੀ ਪਹਿਲਾਂ ਕਾਰ ਰੋਕ ਲਈ। ਮੁਲਜ਼ਮਾਂ ਨੇ ਜਿਵੇਂ ਹੀ ਪੁਲਿਸ ਪਾਰਟੀ ਚੌਕੀ ਅੱਗੇ ਰੁਕੀ ਤਾਂ ਉਸ ’ਤੇ ਗੋਲੀਆਂ ਚਲਾ ਦਿੱਤੀਆਂ।

ਫਾਇਰਿੰਗ ਕਰਦੇ ਹੀ ਮੁਲਜ਼ਮ ਆਪਣੀ ਕਾਰ ਲੈ ਕੇ ਉਥੋਂ ਫਰਾਰ ਹੋ ਗਏ। ਮੌਕੇ ’ਤੇ ਮੌਜੂਦ ਪੁਲਿਸ ਪਾਰਟੀ ਅਨੁਸਾਰ ਉਸ ਨੇ ਕਿਸੇ ਤਰ੍ਹਾਂ ਜ਼ਮੀਨ ’ਤੇ ਲੇਟ ਕੇ ਆਪਣੀ ਜਾਨ ਬਚਾਈ। ਉਕਤ ਘਟਨਾ ਦੀ ਸਾਰੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ, ਜਿਸ ਤੋਂ ਬਾਅਦ ਮਾਮਲੇ ‘ਚ ਉੱਚ ਅਧਿਕਾਰੀਆਂ ਵੱਲੋਂ ਟੀਮਾਂ ਬਣਾਈਆਂ ਗਈਆਂ ਅਤੇ ਦੋਸ਼ੀਆਂ ਦੀ ਪਛਾਣ ਕੀਤੀ ਗਈ।

ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਫੋਰਸ ਨਾਲ ਛਾਪਾ ਮਾਰ ਕੇ ਦੋਸ਼ੀ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।