ਪੰਜਾਬ ਦੇ 2 ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਫੌਜ ‘ਚ ਫਲਾਇੰਗ ਅਫ਼ਸਰ ਵਜੋਂ ਹੋਈ ਚੋਣ

0
103

ਚੰਡੀਗੜ੍ਹ | ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ 2 ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਤੋਂ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ।

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਸ. ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿਚ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿਚ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।