ਅੰਮ੍ਰਿਤਸਰ 9 ਜਨਵਰੀ || ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਪਿਛਲੇ ਕਈ ਵਰ੍ਹਿਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਦਵਿੰਦਰ ਵੇਰਕਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮੌਕੇ ਵਿਜੀਲੈਂਸ ਵਿਭਾਗ ਦੇ ਕੰਮ ਵਿੱਚ ਵਿਘਨ ਪਾਉਣ ਦੇ ਮਾਮਲੇ ਸਬੰਧੀ ਦਰਜ ਐਫਆਈਆਰ ਵਿੱਚ ਹਰਦੀਪ ਸਿੰਘ ਉਰਫ਼ ਦਵਿੰਦਰ ਵੇਰਕਾ ਦਾ ਨਾਮ ਸ਼ਾਮਿਲ ਕੀਤਾ ਗਿਆ ਸੀ। ਇਸ ਮਾਮਲੇ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਸੇਵਾਦਾਰ ਨੂੰ ਹਿਰਾਸਤ ਵਿੱਚ ਲਿਆ।

ਸਿਵਲ ਲਾਈਨ ਥਾਣੇ ਵਿੱਚ ਦਰਜ ਮਾਮਲੇ ਤਹਿਤ ਪੁਲਿਸ ਵੱਲੋਂ ਦਵਿੰਦਰ ਵੇਰਕਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਪੁਲਿਸ ਦੀ ਮੰਗ ‘ਤੇ ਉਸਦਾ 2 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਘਟਨਾ ਨਾਲ ਜੁੜੇ ਹੋਰ ਅਹੰਕਾਰਪੂਰਨ ਤੱਥਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਮੁਤਾਬਕ ਦੋਸ਼ ਹੈ ਕਿ ਗ੍ਰਿਫ਼ਤਾਰੀ ਦੌਰਾਨ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ ਗਿਆ ਅਤੇ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਦਰਜ ਕੇਸ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਉੱਧਰ, ਸੇਵਾਦਾਰ ਦਵਿੰਦਰ ਵੇਰਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਸਨੂੰ ਬਿਨਾਂ ਕਿਸੇ ਠੋਸ ਸਬੂਤ ਦੇ ਫਸਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕਾਨੂੰਨ ਦੇ ਦਾਇਰੇ ਅੰਦਰ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।