ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ 57 ਹਸਪਤਾਲ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਬੈਡ ਰਾਖਵੇਂ ਰੱਖਣ- ਡੀਸੀ

0
597

ਜਲੰਧਰ . ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦਾ ਹੋਰ ਜ਼ਿਆਦਾ ਸਮਰੱਥਾ ਨਾਲ ਸਾਹਮਣਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਡੀਸੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦ ਹੀ ਨਿੱਜੀ ਹਸਪਤਾਲਾਂ ਨੂੰ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸ਼ਾਮਿਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ।  

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਹੇਠ ਸੂਚੀਬੱਧ 57 ਹਸਪਤਾਲਾਂ ਨੂੰ ਕੋਵਿਡ-19 ਦੇ ਮਰੀਜ਼ਾਂ ਲਈ ਬਿਹਤਰ ਇਲਾਜ ਵਾਸਤੇ ਉਨ੍ਹਾਂ ਪਾਸ ਮੌਜੂਦ ਬੈਡਾਂ ਦੀ ਸਮਰੱਥਾ/ਉਪਲਬੱਧਤਾ ਸਬੰਧੀ ਵੇਰਵੇ ਸਾਂਝੇ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਨੂੰ ਜਿਨਾਂ ਬੈਡਾਂ ਤੱਕ ਪਾਈਪ ਰਾਹੀਂ ਆਕਸੀਜਨ ਮੁਹੱਈਆਂ ਕਰਵਾਈ ਜਾ ਰਹੀ ਹੈ ਅਤੇ ਵੈਂਟੀਲੇਟਰ ਮੌਜੂਦ ਹਨ ਬਾਰੇ ਵੀ ਸੂਚਨਾ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਵਧੇਰੇ ਗੰਭੀਰ ਕੇਸ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।

ਨਿੱਜੀ ਹਸਪਤਾਲਾਂ ਵਿੱਚ ਲਏ ਜਾਣ ਵਾਲੇ ਕੀਮਤ (ਰੇਟ) ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਥੋਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਰੇਟ ਨਿਰਧਾਰਿਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਆਉਣ ਵਾਲੇ ਦੋ ਤੋਂ ਤਿੰਨ ਦਿਨਾਂ ਵਿੱਚ ਨਿਰਧਾਰਿਤ ਕਰ ਲਿਆ ਜਾਵੇਗਾ ਕਿ ਸਰਕਾਰ ਵਲੋਂ ਰੈਫਰ ਕੀਤੇ ਗਏ ਮਰੀਜ਼ਾਂ ‘ਤੇ ਨਿੱਜੀ ਹਸਪਤਾਲਾਂ ਨੂੰ ਕੀ ਰੇਟ ਦਿੱਤਾ ਜਾਵੇਗਾ।

ਡੀਸੀ ਘਨਸ਼ਿਆਮ ਥੋਰੀ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਅਤੇ ਐਸ.ਡੀ.ਐਮ.ਜਲੰਧਰ-1 ਡਾ.ਜੈ ਇੰਦਰ ਸਿੰਘ, ਡੀ.ਐਮ.ਸੀ.ਡਾ.ਜੋਤੀ ਨਾਲ ਜ਼ਿਲ੍ਹੇ ਵਿੱਚ ਸੂਚੀਬੱਧ ਹਸਪਤਾਲਾਂ ਨਾਲ ਤਾਲਮੇਲ ਅਤੇ ਯੋਜਨਾਂ ਨੂੰ ਯਕੀਨੀ ਬਣਾਉਣ ਸਬੰਧੀ ਮੀਟਿੰਗ ਕੀਤੀ ਗਈ।

ਥੋਰੀ ਨੇ ਦੱਸਿਆ ਕਿ ਜਲੰਧਰ ਵਿਖੇ ਆਯੂਸ਼ਮਾਨ ਭਾਰਤ-ਸਿਹਤ ਬੀਮਾ ਯੋਜਨਾ ਅਧੀਨ 57 ਨਿੱਜੀ ਹਸਪਤਾਲ ਸੂਚੀਬੱਧ ਹਨ ਅਤੇ ਜਿਨਾਂ ਦੀਆਂ ਸੇਵਾਵਾਂ ਆਉਣ ਵਾਲੇ ਦਿਨਾਂ ਵਿੱਚ ਲੈਵਲ-2 ਅਤੇ ਲੈਵਲ-3 ਮਰੀਜ਼ਾਂ ਦੇ ਇਲਾਜ ਲਈ ਵਰਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਜਲੰਧਰ ਵਿੱਚ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਲੋਂ ਲੈਵਲ-1 ਅਤੇ ਸਿਵਲ ਹਸਪਤਾਲ ਵਲੋਂ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦਾ ਸਰਕਾਰੀ ਖੇਤਰਾਂ ਵਿੱਚ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਕੇਵਲ ਸ਼ਾਹਕੋਟ-ਮੋਗਾ ਰੋਡ ‘ਤੇ ਸਥਿਤ ਆਈ.ਐਮ.ਏ ਨਿੱਜੀ ਹਸਪਤਾਲ ਵਿਖੇ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਅਪਣੇ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਸਮੇਂ ਸਿਰ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀ ਪਹਿਚਾਣ ਕਰਕੇ ਇਲਾਜ ਨੂੰ ਯਕੀਨੀ ਬਣਾ ਕੇ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਦ੍ਰਿਸ਼ ਦੁਸ਼ਮਣ ਜ਼ਿਲ੍ਹਾ ਜੰਗ ਜਿੱਤਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।