ਜਲੰਧਰ. ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਲੋਕਾਂ ਪਾਸੋਂ ਸਵੈ ਇੱਛਤ ਤੌਰ ‘ਤੇ ਘਰਾਂ ਵਿੱਚ ਰਹਿਣ ਅਤੇ ਸਮਾਜਿਕ ਦੂਰੀ ਵਰਗੇ ਦੋ ਅਹਿਮ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਿਨ੍ਹਾਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਇਨ੍ਹਾਂ ਦੋਵਾਂ ਨਿਯਮਾਂ ਨੂੰ ਆਪਣੀ ਜਿੰਦਗੀ ਦਾ ਅਨਿੱਖੜਵਾਂ ਅੰਗ ਬਣਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਨਿਯਮ ਕੋਰੋਨਾ ਵਾਇਰਸ ਖਿਲਾਫ਼ ਜੰਗ ਲਈ ਅਹਿਮ ਹਥਿਆਰ ਹਨ।

ਦੋਵਾਂ ਅਧਿਕਾਰੀਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਇਨਾਂ ਦੋਵਾਂ ਨਿਯਮਾਂ ਨੂੰ ਅਪਣਾ ਕੇ ਹੀ ਪੰਜਾਬ ਅਤੇ ਖਾਸ ਕਰਕੇ ਜਲੰਧਰ ਵਿੱਚ ਇਸ ਮਹਾਂਮਾਰੀ ਖਿਲਾਫ਼ ਜੰਗ ਨੂੰ ਜਿੱਤਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿਤਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਨਾਂ ਨੂੰ ਕਿਸੇ ਕਾਰਨ ਕਰਕੇ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਹਰ ਨਾਗਰਿਕ ਵਲੋਂ ਸਵੈ ਇੱਛਤ ਹੋਮ ਕੁਆਰੰਟੀਨ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਜਿੱਤ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਸਮੇਤ ਰੋਜ਼ਾਨਾ ਕੋਵਿਡ-19 ਤੋਂ ਪ੍ਰਭਾਵਿਤ ਪਾਜ਼ੀਟਿਵ ਮਰੀਜ਼ਾਂ ਦੀ ਪਹਿਚਾਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪਰ ਉਨਾਂ ਨੂੰ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਘਰਾਂ ਵਿੱਚ ਰਹਿ ਕੇ ਕਰਫ਼ਿਊ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।