ਜਲੰਧਰ ‘ਚ DC ਵਲੋਂ ਸਿਹਤ ਵਿਭਾਗ ਨੂੰ ਰੈਪਿਡ ਐਨਟੀਜੇਨ ਟੈਸਟਿੰਗ ਕਿੱਟਾਂ ਦੀ ਵਰਤੋਂ ਕਰਨ ਦੇ ਆਦੇਸ਼, 30 ਮਿੰਟਾਂ ‘ਚ ਨਤੀਜਾ ਹੋਵੇਗਾ ਸਾਹਮਣੇ

0
424

ਜਲੰਧਰ . ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡੀਸੀ ਘਨਸ਼ਿਆਮ ਥੋਰੀ ਨੇ ਅੱਜ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਨਵੀਆਂ ਰੈਪਿਡ ਐਨਟੀਜੇਨ ਟੈਸਟਿੰਗ ਕਿੱਟਾਂ ਦੀ ਵਰਤੋਂ ਸ਼ੁਰੂ ਕੀਤੀ ਜਾਵੇ। ਜ਼ਿਲ੍ਹੇ ਵਿੱਚ ਕੋਵਿਡ-19 ਦੀ ਸਥਿਤੀ ਅਤੇ ਤਿਆਰੀਆਂ ਸਬੰਧੀ ਜਾਇਜ਼ਾ ਲੈਣ ਲਈ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਥੋਰੀ ਨੇ ਕਿਹਾ ਕਿ ਇਨ੍ਹਾਂ  ਨਵੀਆਂ ਕਿੱਟਾਂ ਦੀ ਵਰਤੋਂ ਨਾਲ ਪਾਜ਼ੀਟਿਵ ਕੇਸਾਂ ਦਾ ਜਲਦੀ ਪਤਾ ਲੱਗ ਜਾਂਦਾ ਹੈ ਕਿਉਂਕਿ ਇਸ ਦੀ ਵਰਤੋਂ ਨਾਲ 30 ਮਿੰਟਾਂ ਵਿੱਚ ਨਤੀਜਾ ਸਾਹਮਣੇ ਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਨਾਂ ਨਵੀਆਂ ਕਿਟਾਂ ਦੀ ਵਰਤੋਂ ਡਾਕਟਰਾਂ ਜਾਂ ਨਰਸਿੰਗ ਅਮਲੇ ਜਿਨਾਂ ਵਲੋਂ ਨਿੱਜੀ ਸੁਰੱਖਿਆ ਉਪਰਕਣ ਕਿੱਟਾਂ ਪਹਿਨੀਆਂ ਹੋਈਆਂ ਹਨ ਵਲੋਂ ਨਸੋ ਫੈਰਨੀਜ਼ਲ ਸਵੈਬ ਰਾਹੀਂ ਸੈਂਪਲ ਲੈਣ ਉਪਰੰਤ ਤੁਰੰਤ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਨਵੀਆਂ ਕਿੱਟਾਂ ਮਰੀਜ਼ਾਂ ਨੂੰ ਜਲਦੀ ਇਕਾਂਤਵਾਸ ਤੇ ਇਲਾਜ ਕਰਨ ਅਤੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਵਿੱਚ ਮਦਦਗਾਰ ਸਾਬਿਤ ਹੋਵੇਗੀ।

ਇਸ ਮੌਕੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਵੀ ਕੀਤੀ ਗਈ।      

ਥੋਰੀ ਨੇ ਦੱਸਿਆ ਕਿ ਇਨ੍ਹਾਂ ਨਵੀਆਂ ਕਿੱਟਾਂ ਨੂੰ ਸਾਹ ਦੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਮਰੀਜ਼ਾਂ, ਕੋਵਿਡ-19 ਦੇ ਜ਼ਿਆਦਾ ਜੋਖ਼ਮ ਵਾਲੇ ਮਰੀਜ਼ਾਂ ਅਤੇ ਕੰਟੇਨਮੈਂਟ ਅਤੇ ਮਾਈਕਰੋ ਕਨਟੇਨਮੈਂਟ ਜੋਨਾਂ ਵਿੱਚ ਘਰ-ਘਰ ਸਰਵੇ ਦੌਰਾਨ ਕੋਵਿਡ ਦੇ ਲੱਛਣਾਂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਪਹਿਚਾਣ ਕਰਨ ਵਿੱਚ ਵਰਤੀਆਂ ਜਾ ਸਕਣਗੀਆਂ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਨਵੀਆਂ ਐਂਟੀਜੇਨ ਟੈਸਟਿੰਗ ਕਿੱਟਾਂ ਰਾਹੀਂ ਪਾਜੀਟਿਵ ਪਾਇਆ ਜਾਵੇਗਾ ਨੂੰ ਕੰਨਫਰਮ ਕੇਸ ਮੰਨਿਆਂ ਜਾਵੇਗਾ ਅਤੇ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਵੇਗੀ ਉਨ੍ਹਾਂ ਦਾ ਸੀ.ਬੀ. ਐਨਏਏਟੀ/ਟਰੂਨੈਟ/ਆਰ.ਟੀ.ਪੀਸੀਆਰ ਰਾਹੀਂ ਦੁਬਾਰਾ ਟੈਸਟ ਕੀਤਾ ਜਾਵੇਗਾ।

ਥੋਰੀ ਨੇ ਕਿਹਾ ਕਿ ਲੋਕਾਂ ਦੇ ਕੋਵਿਡ ਸਬੰਧੀ ਨਮੂਨੇ ਲੈਣ ਨੂੰ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਜਾਵੇ ਤਾਂ ਕਿ ਜ਼ਿਲ੍ਹੇ ਵਿੱਚ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਲਦ ਤੋਂ ਜਲਦ ਰੋਕ ਲਗਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਿਵਲ ਅਤੇ ਪੁਲਿਸ ਅਧਿਕਾਰੀ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਕਰਫ਼ਿਊ ਵਰਗੀ ਸਖ਼ਤੀ ਨੂੰ ਯਕੀਨੀ ਬਣਾਉਣ ਉਨਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ-ਬਰ ਤਿਆਰ ਹੈ ਅਤੇ ਮਨੁੱਖੀ ਸਰੋਤਾਂ ਦੀ ਵੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ ਅਤੇ ਲੋਕਾਂ ਨੂੰ ਅਪਣੇ-ਆਪਣੇ ਘਰਾਂ ਵਿੱਚ ਰਹਿਣ ਨੂੰ ਸੁਨਿਸ਼ਚਤ ਕਰਨਾ ਚਾਹੀਦਾ ਹੈ।

ਥੋਰੀ ਨੇ ਅੱਗੇ ਦੱਸਿਆ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਨਟੇਨਮੈਂਟ ਜ਼ੋਨਾਂ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਵਿੰਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਐਸ.ਡੀ.ਐਮ. ਰਾਹੁਲ ਸਿੰਧੂ, ਜੈ ਇੰਦਰ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਹੋਰ ਵੀ ਹਾਜ਼ਰ ਸਨ।