ਜਲੰਧਰ . ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੋਰੋਨਾ ਸੰਕਟ ਦੇ ਚਲਦਿਆਂ ਬਜ਼ੁਰਗਾਂ ਤੇ ਬੱਚਿਆਂ ਦੀ ਹੋਮ ਕੁਆਰੰਟੀਨ ਨੂੰ ਸਖ਼ਤੀ ਨਾਲ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਡੇਰੀ ਉਮਰ ਦੇ ਬਜ਼ੁਰਗ ਅਤੇ 10 ਸਾਲ ਦੀ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਮਹਾਂਮਾਰੀ ਤੋਂ ਜ਼ਿਆਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਬਜ਼ੁਰਗਾਂ ਅਤੇ ਬੱਚਿਆ ਨੂੰ ਸੁਰੱਖਿਆ ਲਈ ਉਨ੍ਹਾਂ ਦਾ ਘਰਾਂ ਵਿੱਚ ਰਹਿਣ ਨੂੰ ਯਕੀਨੀ ਬਣਾਇਆ ਜਾਵੇ। ਥੋਰੀ ਨੇ ਕਿਹਾ ਕਿ ਇਸ ਨਾਲ ਜਿਥੇ ਲੋਕਾਂ ਦੀਆਂ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ ਉਥੇ ਹੀ ਕੋਰੋਨਾ ਵਾਇਰਸ ਨੂੰ ਵੱਡੇ ਪੱਧਰ ‘ਤੇ ਫੈਲਣ ਨੂੰ ਰੋਕਿਆ ਜਾ ਸਕੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨੂੰ ਫੈਲਣ ਦਾ ਮੁੱਢਲਾ ਫੰਡਾ ਜਿੰਨਾ ਸੰਭਵ ਹੋ ਸਕੇ ਸਾਵਧਾਨੀਆਂ ਨੂੰ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਰਗਰਮ ਸਹਿਯੋਗ ਤੇ ਮਦਦ ਬਹੁਤ ਜਰੂਰੀ ਹੈ ਜਿਸ ਲਈ ਉਨ੍ਹਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਮਾਜਿਕ ਦੂਰੀ ਨੂੰ ਅਪਣਾਉਣਾ, ਮਾਸਕ ਪਾਉਣਾ, ਸਾਬਣ ਅਤੇ ਸੈਨੀਟਾਈਜ਼ਰ ਨਾਲ ਹੱਥ ਥੋਣਾ ਅਤੇ ਹੋਰ ਸਾਵਧਾਨੀਆਂ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਅਪਣੀ ਜਿੰਦਗੀ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹ ਕਿ ਇਹ ਨਿਯਮ ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਬਹੁਤ ਹੀ ਕਾਰਗਰ ਹਥਿਆਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮਦਦ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।