ਡੀਸੀ ਵੱਲੋਂ ਵਿੱਦਿਅਕ ਸੰਸਥਾਵਾਂ ਨੂੰ ਚੇਤਾਵਨੀ- SC Students ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਫਾਇਦਾ ਨਾ ਦੇਣ ‘ਤੇ ਹੋਵੇਗੀ ਸਖਤ ਕਾਰਵਾਈ

0
4296

ਜਲੰਧਰ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਲਾਭ ਦੇਣ ਤੋਂ ਇਨਕਾਰ ਕਰਨ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਘਨਸ਼ਿਆਮ ਥੋਰੀ ਨੇ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਲਈ ਵਿੱਦਿਅਕ ਸੰਸਥਾਵਾਂ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਹੱਕ ਹੈ, ਨਾ ਕਿ ਕਿਸੇ ਕਿਸਮ ਦਾ ਦਾਨ । ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਡੀਸੀ ਨੇ ਕਿਹਾ- ਕਾਲਜ ਇਸ ਸਕੀਮ ਨੂੰ ਹਲਕੇ ਢੰਗ ਨਾਲ ਨਾ ਲੈਣ ਕਿਉਂਕਿ ਇਹ ਐਸਸੀ ਕਮਿਊਟੀਨਿਟੀ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦਾ ਇਕ ਪ੍ਰਮੁੱਖ ਪ੍ਰੋਗਰਾਮ ਹੈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਡਿਗਰੀ ਰੋਕਣਾ, ਖਾਲੀ ਚੈਕ ਲੈਣਾ ਸਮੇਤ ਵਿਦਿਆਰਥੀਆਂ ਵੱਲੋਂ ਚੁੱਕੇ ਸਮੁੱਚੇ ਮੁੱਦਿਆਂ ਦਾ ਨਿਪਟਾਰਾ ਕਰਨ ਲਈ ਇਕ ਐਸਡੀਐਮ, ਸਹਾਇਕ ਕਮਿਸ਼ਨਰ ਪੁਲਿਸ (ਏਸੀਪੀ), ਜ਼ਿਲ੍ਹਾ ਭਲਾਈ ਅਫ਼ਸਰ ਅਤੇ ਤਹਿਸੀਲ ਭਲਾਈ ਅਫ਼ਸਰ ਆਧਾਰਿਤ ਇੱਕ ਕਮੇਟੀ ਗਠਿਤ ਕਰਨ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਮੇਟੀ ਆਪਣੀ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਹੇਠ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵਿੱਦਿਅਕ ਅਦਾਰਿਆਂ ਨੂੰ ਸਪੱਸ਼ਟ ਤੌਰ ‘ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਮੁੱਚੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਆਪਣੇ ਕੋਰਸਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਤੋਂ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਯੋਗ ਹੋਣਗੇ।
ਡੀਸੀ ਨੇ ਕਿਹਾ- ਵਿੱਦਿਅਕ ਸੰਸਥਾਵਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਤੋਂ ਭੱਜਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕਿਸੇ ਕਿਸਮ ਦਾ ਪੱਖਪਾਤ ਜਾਂ ਅਲਹਿਦਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।