ਡੀਸੀ ਦੀ ਸਖ਼ਤੀ – ਹੋਸ਼ਿਆਰਪੁਰ ‘ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਗੈਰ-ਕਾਨੂੰਨੀ ਮਾਈਨਿੰਗ

0
98

ਹੁਸ਼ਿਆਰਪੁਰ. ਜ਼ਿਲ੍ਹੇ ਵਿੱਚ ਨਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਅੱਜ ਮਾਈਨਿੰਗ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਹ ਗਲ ਕਹੀ।

ਡੀਸੀ ਨੇ ਮਾਈਨਿੰਗ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਸੀ ਤਾਲਮੇਲ ਕਰਕੇ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਲਗਾਤਾਰ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ-ਹਿਮਾਚਲ ਬਾਰਡਰ ਨੇੜਲੇ ਇਲਾਕਿਆਂ ਵਿੱਚ ਚੈਕ ਪੋਸਟਾਂ ਬਣਾਈਆਂ ਜਾਣ, ਤਾਂ ਜੋ ਜ਼ਿਲ੍ਹਾ ਪੁਲਿਸ ਸਮੇਤ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ 24 ਘੰਟੇ ਨਿਗਰਾਨੀ ਰੱਖਣੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਤੌਰ ‘ਤੇ ਹਿਮਾਚਲ ਤੋਂ ਹੁੰਦੀ ਮਾਈਨਿੰਗ ਨੂੰ ਵੀ ਸਖਤੀ ਨਾਲ ਰੋਕਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਜੇਕਰ ਜ਼ਿਲੇ ਵਿੱਚ ਕੋਈ ਵੀ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਧਿਆਨ ਵਿੱਚ ਆਉਂਦੀ ਹੈ, ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302 ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ।

ਅਪਨੀਤ ਰਿਆਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਜਾਇਜ਼ ਮਾਈਨਿੰਗ ਖਿਲਾਫ਼ ਕਾਫ਼ੀ ਗੰਭੀਰ ਹਨ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਅਜਿਹਾ ਨਜਾਇਜ਼ ਕਾਰੋਬਾਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਲਹਿਜੇ ਵਿੱਚ ਕਿਹਾ ਕਿ ਜ਼ਿਲ੍ਹਾ ਪੁਲਿਸ ਨਾਲ ਤਾਲਮੇਲ ਕਰਕੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਜੇਕਰ ਕੋਈ ਨਜਾਇਜ਼ ਮਾਈਨਿੰਗ ਦਾ ਕੇਸ ਸਾਹਮਣਾ ਆਉਂਦਾ ਹੈ, ਤਾਂ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਮਾਈਨਿੰਗ ਅਫ਼ਸਰ ਹਰਜੋਤ ਕੌਰ, ਐਸ.ਡੀ.ਓ. ਅਲੋਕ ਚੌਧਰੀ ਅਤੇ ਰਾਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।