ਜਲੰਧਰ ’ਚ ਰੂਹ ਕੰਬਾਊ ਵਾਰਦਾਤ: 20 ਲੱਖ ਦੀ ਫਿਰੌਤੀ ਨਾ ਦੇਣ ’ਤੇ ਜਵੈਲਰ ’ਤੇ ਜਾਨਲੇਵਾ ਹਮਲਾ, ਦੁਕਾਨ ਅੰਦਰ ਵੜ ਕੇ ਮਾਰੀਆਂ ਕਿਰਪਾਨਾਂ

0
47

ਜਲੰਧਰ, 2 ਫਰਵਰੀ ਬਸਤੀ ਗੁਜ਼ਾਂ ਇਲਾਕੇ ਵਿੱਚ ਅਪਰਾਧੀਆਂ ਨੇ ਦਿਨ-ਦਿਹਾੜੇ ਦਹਿਸ਼ਤ ਫੈਲਾਉਂਦਿਆਂ ਇੱਕ ਜਵੈਲਰ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਕੁਝ ਦਿਨ ਪਹਿਲਾਂ ਜਵੈਲਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਮੰਗ ਪੂਰੀ ਨਾ ਹੋਣ ’ਤੇ ਅੱਜ ਦੁਕਾਨ ਵਿੱਚ ਵੜ ਕੇ ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ।

ਗੰਭੀਰ ਰੂਪ ਵਿੱਚ ਜ਼ਖ਼ਮੀ ਜਵੈਲਰ ਨੂੰ ਤੁਰੰਤ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਬਦਮਾਸ਼ ਹਥਿਆਰਾਂ ਨਾਲ ਹਮਲਾ ਕਰਦੇ ਸਾਫ਼ ਨਜ਼ਰ ਆ ਰਹੇ ਹਨ।



ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਬਸਤੀ ਗੁਜ਼ਾਂ ਇਲਾਕੇ ਦੇ ਹੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਤਲ ਦੀ ਕੋਸ਼ਿਸ਼ ਅਤੇ ਫਿਰੌਤੀ ਮੰਗਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਤੇਜ਼ ਕਰ ਦਿੱਤੀ ਹੈ।