ਜਲੰਧਰ ‘ਚ ਚੋਣ ਪ੍ਰਚਾਰ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਅਕਾਲੀ ਆਗੂ ਦੀ ਮੌਤ

0
372

ਜਲੰਧਰ| ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦਾ ਦੇਹਾਂਤ ਹੋ ਗਿਆ। ਜਥੇਦਾਰ ਡੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕਾਰਪੋਰੇਟਰ ਵੀ ਸਨ। ਲਗਾਤਾਰ 6 ਵਾਰ ਕੌਂਸਲਰ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਵੀ ਨਗਰ ਨਿਗਮ ਹਾਊਸ ‘ਚ ਰਹੇ ਹਨ।

ਜੱਥੇਦਾਰ ਹਰਭਜਨ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਡਿਊਟੀ ਲਗਾਈ ਸੀ। ਉਹ ਲੁਧਿਆਣਾ ਦੇ ਨਾਲ ਲੱਗਦੇ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਪ੍ਰਚਾਰ ਲਈ ਲੱਗੇ ਹੋਏ ਸਨ। ਪ੍ਰਚਾਰ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਲੁਧਿਆਣਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅੱਜ ਤਿੰਨ ਵਜੇ ਮਾਡਲ ਟਾਊਨ ਲੁਧਿਆਣਾ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅਕਾਲੀ ਆਗੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਅਕਾਲੀ ਆਗੂ ਸੁਰਿੰਦਰ ਸਿੰਘ ਬੰਟੀ ਚੌਹਾਨ ਨੇ ਦੱਸਿਆ ਕਿ ਹਰਭਜਨ ਸਿੰਘ ਪਾਰਟੀ ਦੇ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਵਿੱਚ ਚੰਗਾ ਪ੍ਰਭਾਵ ਸੀ। ਇਹੀ ਕਾਰਨ ਸੀ ਕਿ ਉਹ ਲਗਾਤਾਰ 6 ਵਾਰ ਕੌਂਸਲਰ ਚੁਣੇ ਗਏ।